Mahila Kisan Diwas: ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਮਹਿਲਾ ਕਿਸਾਨ ਦਿਵਸ ਮਨਾਇਆ
ਖੇਤੀਬਾੜੀ ਵਿਭਾਗ ਵੱਲੋਂ ਮੁੱਖ ਜ਼ਿਲ੍ਹਾ ਖੇਤੀਬਾੜੀ ਅਫਸਰ ਦਾਰਾ ਸਿੰਘ ਦੀ ਅਗਵਾਈ ਹੇਠ ਪਟਿਆਲਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਮਹਿਲਾ ਕਿਸਾਨ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੋਂ ਕਿਸਾਨ ਬੀਬੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ...
ਖੇਤੀਬਾੜੀ ਵਿਭਾਗ ਵੱਲੋਂ ਮੁੱਖ ਜ਼ਿਲ੍ਹਾ ਖੇਤੀਬਾੜੀ ਅਫਸਰ ਦਾਰਾ ਸਿੰਘ ਦੀ ਅਗਵਾਈ ਹੇਠ ਪਟਿਆਲਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਮਹਿਲਾ ਕਿਸਾਨ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੋਂ ਕਿਸਾਨ ਬੀਬੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਸਮਾਗਮ ਦੀ ਸ਼ੁਰੂਆਤ ਕਰਦਿਆਂ ਡਾ. ਪਰਮਜੀਤ ਕੌਰ ਨੇ ਆਈਆਂ ਬੀਬੀਆਂ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਖੇਤੀ, ਪਸ਼ੂ ਪਾਲਣ, ਸਬਜ਼ੀਆਂ ਦੀ ਕਾਸ਼ਤ ਅਤੇ ਹੋਰ ਸਹਾਇਕ ਧੰਦਿਆਂ ਵਿੱਚ ਔਰਤਾਂ ਦੀ ਵੱਡੀ ਹਿੱਸੇਦਾਰੀ ਰਹਿੰਦੀ ਹੈ। ਇਸ ਮੌਕੇ ਸੀਨੀਅਰ ਮੱਛੀ ਪਾਲਣ ਅਫਸਰ ਡਾ. ਵੀਰਪਾਲ ਕੌਰ ਨੇ ਮੱਛੀ ਪਾਲਣ ਵਿਭਾਗ ਦੀਆਂ ਸਕੀਮਾਂ ਬਾਰੇ ਚਾਨਣਾ ਪਾਇਆ। ਉੱਥੇ ਹੀ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਹਰਦੀਪ ਸਿੰਘ ਸਭੀਖੀ ਨੇ ਔਰਤਾਂ ਲਈ ਚਲਾਏ ਜਾ ਰਹੇ ਕਿੱਤਾਮੁਖੀ ਸਿਖਲਾਈ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ।
ਮਾਹਰ ਡਾ. ਗੁਰਉਪਦੇਸ਼ ਕੌਰ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਨੇ 2026 ਨੂੰ ਕੌਮਾਂਤਰੀ ਮਹਿਲਾ ਕਿਸਾਨ ਸਾਲ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਖੇਤੀ ਨੂੰ ਮਰਦਾਂ ਦਾ ਕੰਮ ਮੰਨਿਆ ਜਾਂਦਾ ਹੈ, ਪਰ ਖੇਤਾਂ ਵਿੱਚ ਹੱਥ ਵਟਾਉਣ ਵਾਲੀਆਂ ਔਰਤਾਂ ਸਾਡੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ। ਬੀਬੀਆਂ ਦੇ ਹੱਡ ਭੰਨਵੇਂ ਕੰਮ ਨੂੰ ਸੌਖਾ ਕਰਨ ਲਈ ਉਨ੍ਹਾਂ ਰਿੰਗ ਕਟਰ, ਘੁੰਮਦੀ ਪੀੜ੍ਹੀ ਅਤੇ ਹਲਦੀ ਪੁੱਟਣ ਵਾਲੇ ਖਾਸ ਸੰਦਾਂ ਬਾਰੇ ਦੱਸਿਆ, ਜਿਨ੍ਹਾਂ ਨਾਲ ਸਰੀਰਕ ਥਕਾਵਟ ਘਟਦੀ ਹੈ।
ਇਸੇ ਤਰ੍ਹਾਂ ਡਾ. ਰਜਨੀ ਗੋਇਲ ਨੇ ਭੋਜਨ ਪ੍ਰੋਸੈਸਿੰਗ ਅਤੇ ਡਾ. ਰਚਨਾ ਸਿੰਗਲਾ ਨੇ ਖੁੰਭਾਂ ਦੀ ਕਾਸ਼ਤ ਸਮੇਤ ਘਰੇਲੂ ਬਗੀਚੀ ਬਾਰੇ ਨੁਕਤੇ ਸਾਂਝੇ ਕੀਤੇ। ਅਖੀਰ ਵਿੱਚ ਅਗਾਂਹਵਧੂ ਕਿਸਾਨ ਬੀਬੀਆਂ ਭਿੰਦਰ ਕੌਰ, ਮਾਲਾ ਕੁਮਾਰੀ, ਹਰਜੀਤ ਕੌਰ, ਮੀਨਾ ਰਾਣੀ ਅਤੇ ਦੋਵੇਂ ਕੁਲਵਿੰਦਰ ਕੌਰ ਦਾ ਉਚੇਚਾ ਸਨਮਾਨ ਕੀਤਾ ਗਿਆ।

