Sakhi Milani: ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਮੁੱਖ ਤਰਜੀਹ: ਗੁਰਪ੍ਰੀਤ ਕੌਰ
ਧੂਰੀ ਵਿੱਚ ‘ਸਖੀ ਮਿਲਣੀ’ ਸਮਾਗਮ; ਸਖੀਆਂ ਸਰਕਾਰ ਅਤੇ ਲੋਕਾਂ ਵਿਚਕਾਰ ਅਹਿਮ ਕੜੀ ਕਰਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਇੱਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ‘ਸਖੀਆਂ’ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਹ ਧੂਰੀ ਵਿਧਾਨ ਸਭਾ ਹਲਕੇ ਦੀਆਂ ਸਖੀਆਂ ਦੇ ਸਨਮਾਨ ਲਈ ਰੱਖੇ ਇੱਥੇ ਰੱਖੇ ‘ਸਖੀ ਮਿਲਣੀ’ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਖੀਆਂ ਸਰਕਾਰ ਅਤੇ ਲੋਕਾਂ ਵਿਚਕਾਰ ਅਹਿਮ ਕੜੀ ਵਜੋਂ ਕੰਮ ਕਰ ਰਹੀਆਂ ਹਨ।
ਡਾ. ਗੁਰਪ੍ਰੀਤ ਕੌਰ ਮਾਨ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਸਤਿਕਾਰ ਭੱਤਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜੋ ਸਰਕਾਰ ਦੀ ਮਹਿਲਾ ਸੁਰੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਨੇ ਵੀ ਧੂਰੀ ਹਲਕੇ ਵਿੱਚ ਚੱਲ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸਖੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ। ਸਮਾਗਮ ਦੌਰਾਨ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਨੇ ਵੀ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਹਲਕਾ ਕੋਆਰਡੀਨੇਟਰ (ਮਹਿਲਾ ਵਿੰਗ) ਹਰਵਿੰਦਰ ਕੌਰ, ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਬਲਾਕ ਸਮਿਤੀ ਦੇ ਚੇਅਰਮੈਨ ਰਣਯੋਧ ਸਿੰਘ, ਨਗਰ ਕੌਂਸਲ ਪ੍ਰਧਾਨ ਅਮਰਜੋਤ ਕੌਰ ਬਾਜਵਾ, ਰੂਬਲ ਬਾਜਵਾ, ਗਗਨ ਜਵੰਧਾ ਆਦਿ ਹਾਜ਼ਰ ਸਨ।

