ਮਾਲੇਰਕੋਟਲਾ: 33 ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ
ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਦੂਸ਼ਿਤ ਪਾਣੀ, ਮੱਖੀ ਤੇ ਮੱਛਰ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਸ਼ਹਿਰ ਅੰਦਰ 10 ਵੱਖ-ਵੱਖ ਖੇਤਰਾਂ ਵਿੱਚ ਮੈਗਾ ਸਰਵੇਖਣ ਕਰਵਾਇਆ ਗਿਆ। ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਦੀ ਅਗਵਾਈ ਹੇਠ ਦਸ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਮੈਗਾ ਸਰਵੇਅ ਕੀਤਾ ਗਿਆ। ਇਸ ਚੈਕਿੰਗ ਦੌਰਾਨ ਟੀਮਾਂ ਵੱਲੋਂ ਜਿੱਥੇ ਲਾਰਵੇ ਦਾ ਨਿਰੀਖਣ ਕੀਤਾ ਗਿਆ ਉੱਥੇ ਹੀ ਮੱਛਰ ਦੇ ਖ਼ਤਮੇ ਲਈ ਸਪਰੇਅ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਟੀਮਾਂ ਵੱਲੋਂ 1244 ਘਰਾਂ ਵਿੱਚ ਪਹੁੰਚ ਕਰ ਕੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਇਸ ਨੂੰ ਤੁਰੰਤ ਨਸ਼ਟ ਕੀਤਾ ਗਿਆ। ਇਸ ਤੋਂ ਇਲਾਵਾ 2765 ਕੰਟੇਨਰਾਂ ਵਿੱਚੋਂ 33 ਥਾਵਾਂ ਤੋਂ ਲਾਰਵਾ ਮਿਲਿਆ, ਇਸ ਉਪਰੰਤ ਸਬੰਧਤ ਲੋਕਾਂ ਨੂੰ ਚਿਤਾਵਨੀ ਨੋਟਿਸ ਜਾਰੀ ਕੀਤੇ ਗਏ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਸਿਹਤ ਵਿਭਾਗ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਗੰਭੀਰਤਾ ਦੇ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਦਿੱਤੇ ਗਏ ਜ਼ਰੂਰੀ ਸੁਝਾਵਾਂ ’ਤੇ ਅਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕਿਤੇ ਵੀ ਵਾਧੂ ਪਾਣੀ ਨਾ ਖੜ੍ਹਨ ਦਿੱਤਾ ਜਾਵੇ।