ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 18 ਅਗਸਤ
‘ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਆਪਣੇ ਚੋਣ ਵਾਅਦੇ ਅਨੁਸਾਰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਆਪਣੇ ਇਸ ਚੋਣ ਵਾਅਦੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਹਰ ਵਿਧਾਨ ਸਭਾ ਹਲਕੇ ’ਚ ਆਮ ਆਦਮੀ ਕਲੀਨਿਕ ਖੋਲ੍ਹ ਰਹੀ ਹੈ।’ ਇਹ ਗੱਲ ਹਲਕਾ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਪੁਰਾਣੀ ਤਹਿਸੀਲ ਤੇ ਪੁਰਾਣੇ ਸਿਵਲ ਹਸਪਤਾਲ ਵਿੱਚ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨ ਮੌਕੇ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 75ਵੇਂ ਆਜ਼ਾਦੀ ਦਿਹਾੜੇ ’ਤੇ ਪੰਜਾਬ ਵਿੱਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਤੇ ਸੂਬੇ ਦੇ ਹਰ ਵਿਧਾਨ ਸਭਾ ਹਲਕੇ ’ਚ ਪੜਾਅਵਾਰ ਰੋਜ਼ਾਨਾ ਅਜਿਹੇ ਕਲੀਨਿਕ ਖੋਲ੍ਹਣ ਦਾ ਸਿਲਸਿਲਾ ਜਾਰੀ ਹੈ। ਸਿਵਲ ਸਰਜਨ ਡਾਕਟਰ ਮੁਕੇਸ਼ ਚੰਦਰ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿੱਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ 73 ਤਰ੍ਹਾਂ ਦੀਆਂ ਦਵਾਈਆਂ, 41 ਟੈਸਟ ਮੁਫ਼ਤ ਕੀਤੇ ਜਾਣਗੇ। ਇਸ ਮੌਕੇ ਮੈਡਮ ਫਰਿਆਲ ਰਹਿਮਾਨ, ਡਾ. ਗੀਤਾ ਡਿਪਟੀ ਮੈਡੀਕਲ ਕਮਿਸ਼ਨਰ, ਡਾਕਟਰ ਬਿੰਦੂ ਨਲਵਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾਕਟਰ ਰਾਜੀਵ ਬੈਂਸ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਮੁਨੀਰ ਐਪੀਡੀਮੌਲੋਜਿਸਟ ਅਤੇ ਪੈਰਾ-ਮੈਡੀਕਲ ਸਟਾਫ਼ ਹਾਜ਼ਰ ਸੀ।