ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 29 ਜੂਨ
ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਲੋਕਾਂ ਅਤੇ ਪੁਲੀਸ ਵਿੱਚ ਨੇੜਤਾ ਵਧਾਉਣ ਦਾ ਉਪਰਾਲਾ ਕਰਦਿਆਂ ਮਾਲੇਰਕੋਟਲਾ ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਤਾਇਨਾਤ ਸਮੁੱਚੇ ਸਰਕਲ ਅਫ਼ਸਰਾਂ ਅਤੇ ਥਾਣਾ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰ ਕੇ ‘ਸਾਂਝੀ ਸੱਥ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਹਰੇਕ ਸਰਕਲ ਅਫ਼ਸਰ ਅਤੇ ਥਾਣਾ ਮੁੱਖ ਅਫ਼ਸਰ ਵੱਲੋਂ ਆਪੋ-ਆਪਣੇ ਇਲਾਕਿਆਂ ’ਚ ਰੋਜ਼ਾਨਾ ਸ਼ਾਮ ਵੇਲੇ ਇੱਕ ਪਿੰਡ ਵਿੱਚ ਜਾ ਕੇ ਪਿੰਡ ਦੇ ਮੋਹਤਬਰਾਂ, ਸਰਪੰਚਾਂ/ਪੰਚਾਂ ਅਤੇ ਨੌਜਵਾਨਾਂ ਨੂੰ ਪਿੰਡ ਦੀ ਸੱਥ ਜਾਂ ਕਿਸੇ ਹੋਰ ਸਾਂਝੀ ਜਗ੍ਹਾ ’ਤੇ ਇਕੱਠਾ ਕਰ ਕੇ ਉਨ੍ਹਾਂ ਨੂੰ ਨਸ਼ਿਆਂ ਨਾਲ ਸਮਾਜਿਕ, ਆਰਥਿਕ ਅਤੇ ਸਿਹਤ ਸਬੰਧੀ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਂਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਂਝੀ ਸੱਥ ਪ੍ਰੋਗਰਾਮ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਅਤੇ ਨੌਜਵਾਨਾਂ ਨੂੰ ਜ਼ਿਲ੍ਹਾ ਪੁਲੀਸ ਵੱਲੋਂ ਪਹਿਲਾਂ ਹੀ ਜਾਰੀ ਕੀਤੇ ਗਏ ਐਂਟੀ-ਡਰੱਗ ਹੈਲਪਲਾਈਨ ਨੰਬਰ 91155-18150 ਬਾਰੇ ਵੀ ਜਾਣੂ ਕਰਵਾਇਆ ਜਾਵੇਗਾ ਤਾਂ ਕਿ ਇਸ ਨੰਬਰ ’ਤੇ ਕੋਈ ਵੀ ਵਿਅਕਤੀ ਨਸ਼ਾ ਵੇਚਣ ਵਾਲੇ ਵਿਅਕਤੀਆਂ ਸਬੰਧੀ ਸੂਚਨਾ ਦੇ ਸਕੇ। ਨਸ਼ਾ ਸਮੱਗਲਰਾਂ ਸਬੰਧੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ।