ਮਾਲੇਰਕੋਟਲਾ: ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਮੁਜ਼ਾਹਰਾ
ਵਪਾਰੀਆਂ ਅਤੇ ਆਮ ਲੋਕਾਂ ਉੱਤੇ ਬੋਝ ਪਾਉਣ ਦਾ ਦੋਸ਼
ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਮੁਜ਼ਾਹਰਾ ਕੀਤਾ ਗਿਆ ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ -ਕਮ-ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਟਰੇਡ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜ਼ਮ ਦਾਰਾ ਅਤੇ ਹਲਕਾ ਅਮਰਗੜ੍ਹ ਦੇ ਟਰੇਡਰਜ਼ ਕਮਿਸ਼ਨ ਚੇਅਰਮੈਨ ਅਸ਼ਵਨੀ ਬਾਗੜੀਆਂ ਨੇ ਕੀਤੀ। ਮੁਜ਼ਾਹਰਾਕਾਰੀਆਂ ਵੱਲੋਂ ਖਾਲੀ ਗੈਸ ਸਿਲੰਡਰ ਰੱਖ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਖਾਲੀਿਦ ਮਹਿਮੂਦ, ਅਰਸ਼ਦ ਬੱਗਾ, ਜਿਸ਼ਾਨ ਕੁਰੈਸ਼ੀ, ਆਰਿਫ਼ ਦਾਰਾ, ਮੁਹੰਮਦ ਸ਼ਕੀਲ, ਮੁਹੰਮਦ ਸ਼ਹਿਬਾਜ਼ ਅਤੇ ਐਡਵੋਕੇਟ ਅਮਾਨ ਅਹਿਮਦ ਸਮੇਤ ਵਰਕਰ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ-ਕਮ-ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਐੱਲ ਪੀ ਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤਾ ਜਾ ਰਿਹਾ ਬੇਹਿਸਾਬ ਵਾਧਾ ਵਪਾਰੀਆਂ ਅਤੇ ਆਮ ਲੋਕਾਂ ਲਈ ਗੰਭੀਰ ਮੁੱਦਾ ਬਣ ਚੁੱਕਾ ਹੈ। ਟਰੇਡ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜ਼ਮ ਦਾਰਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੀਮਤਾਂ ਵਿੱਚ ਕਮੀ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗੈਸ ਸਿਲੰਡਰਾਂ ਦੀਆਂ ਕੀਮਤਾਂ ਨੂੰ ਤੁਰੰਤ ਘਟਾ ਕੇ ਰਾਹਤ ਦਿੱਤੀ ਜਾਵੇ।

