ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਨਵੰਬਰ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਇੱਕ ਮਾਲ ਪਟਵਾਰੀ ਨੂੰ 3500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਪਟਵਾਰੀ ਖਿਲਾਫ਼ ਰਿਸ਼ਵਤ ਲੈਣ ਦੀ ਸ਼ਿਕਾਇਤ ਮੁੱਖ ਮੰਤਰੀ ਪੰਜਾਬ ਦੀ ਆਨਲਾਈਨ ਸ਼ਿਕਾਇਤ ਨੰਬਰ ’ਤੇ ਦਰਜ ਹੋਈ ਸੀ ਜਿਸਦੇ ਆਧਾਰ ’ਤੇ ਜਾਂਚ ਮਗਰੋਂ ਗ੍ਰਿਫ਼ਤਾਰੀ ਹੋਈ ਹੈ। ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਗਤਪ੍ਰੀਤ ਸਿੰਘ ਐੱਸਐੱਸਪੀ ਵਿਜੀਲੈਂਸ ਬਿਊਰੋ ਪਟਿਆਲਾ ਨੇ ਦੱਸਿਆ ਕਿ ਪਟਵਾਰੀ ਭਗਵਾਨ ਦਾਸ ਨੂੰ ਸ਼ਿਕਾਇਤਕਰਤਾ ਬਲਵਿੰਦਰ ਸਿੰਘ ਵਾਸੀ ਪਿੰਡ ਬੱਲਰਾਂ, ਜ਼ਿਲ੍ਹਾ ਸੰਗਰੂਰ ਵੱਲੋਂ ਮੁੱਖ ਮੰਤਰੀ ਆਨਲਾਈਨ ਸ਼ਿਕਾਇਤ ਨੰਬਰ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਵਾਹੀਯੋਗ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 3,500 ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਦੱਸਿਆ ਕਿ ਮਾਲ ਪਟਵਾਰੀ ਭਗਵਾਨ ਦਾਸ ਹਲਕਾ ਮੂਨਕ ਵਿੱਚ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤ ਸਬੰਧੀ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਇਹ ਗੱਲ ਸਾਬਤ ਹੋਈ ਕਿ ਮਾਲ ਅਧਿਕਾਰੀ ਨੇ ਰਿਸ਼ਵਤ ਦੀ ਇਹ ਰਕਮ ਪ੍ਰਾਪਤ ਕੀਤੀ ਹੈ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿੱਚ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।