ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਅਪਰੈਲ
ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਸਥਾਨਕ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੈਂਟ ’ਤੇ ਫੰਡਾਂ ਦੀ ਦੁਰਵਰਤੋਂ ਦੇ ਕਰਨ ਦੇ ਦੋਸ਼ ਹੇਠ ਕਾਲਜ ਮੈਨੇਜਮੈਂਟ ਨੂੰ ਮੁਅੱਤਲ ਕਰਕੇ ਡਿਪਟੀ ਕਮਿਸ਼ਨਰ ਨੂੰ ਕਾਲਜ ਦਾ ਪ੍ਰਬੰਧਕ ਲਗਾ ਦਿੱਤਾ ਗਿਆ ਹੈ। ਸੰਗਰੂਰ ਪੁਲੀਸ ਨੇ ਕਾਲਜ ਮੈਨੇਜਮੈਂਟ ਖ਼ਿਲਾਫ਼ ਵੱਖ-ਵੱਖ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਸੰਗਰੂਰ ਦੀ ਮੈਨੇਜਮੈਂਟ ਖ਼ਿਲਾਫ਼ ਫੰਡਾਂ ਦੀ ਦੁਰਵਰਤੋਂ ਅਤੇ ਫੰਡ ਟਰਾਂਸਫਰ ਕਰਨ ਸਬੰਧੀ ਸ਼ਿਕਾਇਤਾਂ ਦੀ ਪੜਤਾਲ ਕਰਨ ਵਾਸਤੇ 3-7-2020 ਨੂੰ ਉਚ ਪੱਧਰੀ ਕਮੇਟੀ ਬਣਾਈ ਗਈ ਸੀ ਜਿਸ ਨੇ ਪੜਤਾਲ ਕਰਨ ਤੋਂ ਬਾਅਦ ਆਪਣੀ ਰਿਪੋਰਟ ਉਚੇਰੀ ਸਿੱਖਿਆ ਵਿਭਾਗ ਨੂੰ ਸੌਂਪ ਦਿੱਤੀ ਸੀ। ਜਾਂਚ ਰਿਪੋਰਟ ਮਗਰੋਂ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਪੰਜਾਬ ਵੱਲੋਂ ਕਾਲਜ ਮੈਨੇਜਮੈਂਟ ਨੂੰ ਮੁਅੱਤਲ ਕਰ ਕਰ ਕੇ ਡਿਪਟੀ ਕਮਿਸ਼ਨਰ ਨੂੰ ਕਾਲਜ ਦਾ ਪ੍ਰਬੰਧਕ ਨਿਯੁਕਤ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਪ੍ਰਮੁੱਖ ਸਕੱਤਰ ਦੇ ਆਦੇਸ਼ਾਂ ’ਤੇ ਹੀ ਸੰਗਰੂਰ ਪੁਲੀਸ ਨੇ ਕਾਲਜ ਮੈਨੇਜਮੈਂਟ ਖ਼ਿਲਾਫ਼ ਜ਼ੇਰੇ ਦਫ਼ਾ 408, 409, 477-ਏ, 120ਬੀ ਤਹਿਤ ਥਾਣਾ ਸਿਟੀ ਸੰਗਰੂਰ ’ਚ ਕੇਸ ਦਰਜ ਕਰ ਲਿਆ ਹੈ। ਪ੍ਰਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਕਾਲਜ ਮੈਨੇਜਮੈਂਟ ਵੱਲੋਂ ਸੰਵਿਧਾਨ ਵਿੱਚ ਸੋਧ ਕਰਕੇ ਟਰੱਸਟ ਬਣਾ ਲਿਆ ਗਿਆ ਪਰ ਟਰੱਸਟ ਨੂੰ ਇੰਡੀਅਨ ਟਰੱਸਟ ਐਕਟ 1882 ਤਹਿਤ ਨਾ ਤਾਂ ਰਜਿਸਟਰਡ ਕਰਵਾਇਆ ਅਤੇ ਨਾ ਹੀ ਕੋਈ ਮਤਾ ਪਾਸ ਕੀਤਾ ਗਿਆ। ਕਾਲਜ ਮੈਨੇਜਮੈਂਟ ਉੱਪਰ ਲਗਭਗ 11 ਕਰੋੜ, 86 ਲੱਖ, 44 ਹਜ਼ਾਰ 105/-ਰੁਪਏ ਦੀ ਕਥਿਤ ਤੌਰ ’ਤੇ ਦੁਰਵਰਤੋਂ ਕਰਨ ਦੇ ਦੋਸ਼ ਹਨ। ਇਹ ਫੰਡ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਲਈ ਵਰਤੇ ਜਾਣੇ ਸਨ ਪਰ ਮੈਨੇਜਮੈਂਟ ਉੱਪਰ ਹੋਰ ਕਾਲਜ ਆਦਿ ਲਈ ਵਰਤਣ ਦੇ ਦੋਸ਼ ਲੱਗੇ ਹਨ।
ਇਸ ਸਬੰਧੀ ਮੁਅੱਤਲ ਕੀਤੀ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕਰਨਬੀਰ ਸਿੰਘ ਸਬਿੀਆ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਕਾਲਜ ਮੈਨੇਜਮੈਂਟ ਕਮੇਟੀ, ਆਪਣਾ ਪੱਖ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਰੱਖ ਚੁੱਕੀ ਹੈ। ਮਾਮਲਾ ਹਾਈ ਕੋਰਟ ’ਚ ਸੁਣਵਾਈ ਅਧੀਨ ਹੈ ਅਤੇ ਅਦਾਲਤ ਦੇ ਫੈਸਲੇ ਦੀ ਪਾਲਣਾ ਕੀਤੀ ਜਾਵੇਗੀ। ਇੱਥੇ ਜ਼ਿਕਰਯੋਗ ਹੈ ਕਿ ਸੰਨ 2020 ’ਚ ਕਾਲਜ ਮੈਨੇਜਮੈਂਟ ਵੱਲੋਂ ਬੀ.ਏ. ਦੀ ਪੜ੍ਹਾਈ ਕਥਿਤ ਤੌਰ ’ਤੇ ਬੰਦ ਕਰਨ ਦੇ ਫੈਸਲੇ ਦਾ ਵੱਖ-ਵੱਖ ਸਿਆਸੀ ਧਿਰਾਂ, ਵਿਦਿਆਰਥੀ ਜਥੇਬੰਦੀਆਂ ਅਤੇ ਸ਼ਹਿਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਸਖਤ ਵਿਰੋਧ ਕੀਤਾ ਗਿਆ ਸੀ। ਮਾਮਲਾ ਭਖਣ ਮਗਰੋਂ ਪੰਜਾਬ ਸਰਕਾਰ ਨੇ ਗੰਭੀਰ ਨੋਟਿਸ ਲਿਆ ਸੀ ਅਤੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਈ ਗਈ ਸੀ।