ਖੇਤਰੀ ਪ੍ਰਤੀਨਿਧ
ਪਟਿਆਲਾ, 27 ਜਨਵਰੀ
ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲੰਘੇ ਕੱਲ੍ਹ ਪੋਲੋ ਗਰਾਊਂਡ ਵਿੱਚ ਤਿਰੰਗਾ ਲਹਿਰਾਇਆ। ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐੱਸਐੱਸਪੀ ਡਾ. ਸੰਦੀਪ ਗਰਗ ਵੀ ਮੌਜੂਦ ਸਨ। ਆਜ਼ਾਦੀ ਲਈ ਮਹਾਨ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ, ਮਨਪ੍ਰੀਤ ਬਾਦਲ ਨੇ ਕਿਹਾ ਕਿ ਭਾਰਤ, ਦੁਨੀਆਂ ਦਾ ਸਭ ਤੋਂ ਵੱਡਾ ਗਣਰਾਜ ਹੈ, ਜਿੱਥੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ, ਦੇਸ਼ ਵਾਸੀਆਂ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ। ਮਨਪ੍ਰੀਤ ਬਾਦਲ ਨੇ ਵਿਧਾਨ ਸਭਾ ਚੋਣਾਂ ਨੂੰ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਦੱਸਦਿਆਂ, ਪੰਜਾਬ ਵਾਸੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਖੁੱਲ੍ਹ ਕੇ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸਵੀਪ ਦੇ ਨੋਡਲ ਅਫ਼ਸਰ ਪ੍ਰੋ. ਗੁਰਬਖ਼ਸੀਸ ਸਿੰਘ ਅੰਟਾਲ ਵੱਲੋਂ ਤਿਆਰ ਕਰਵਾਈ ਗਈ ਵਿਸ਼ੇਸ਼ ਡਾਕੂਮੈਂਟਰੀ ਵੀ ਦਿਖਾਈ ਗਈ। ਇਸ ਮੌਕੇ ਸਮਾਣਾ ਦੇ ਵਿਧਾਇਕ ਰਾਜਿੰਦਰ ਸਿੰਘ, ਵਾਈਸ ਚਾਂਸਲਰ ਪ੍ਰੋ. ਅਰਵਿੰਦ, ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸਤਵਿੰਦਰ ਚੈੜੀਆਂ, ਮੇਅਰ ਸੰਜੀਵ ਸ਼ਰਮਾ, ਯੋਗਿੰਦਰ ਸ ਯੋਗੀ, ਸੈਸ਼ਨਜ ਜੱਜ ਰਾਜਿੰਦਰ ਅਗਰਵਾਲ, ਫੌਜ ਦੀ ਪਹਿਲੀ ਆਰਮਰਡ ਡਵੀਜ਼ਨ ਤੋਂ ਲੈਫਟੀਨੈਟ ਕਰਨਲ ਅਜੇ ਕੁਮਾਰ ਆਦਿ ਵੀ ਮੌਜੂਦ ਸਨ। ਪਰੇਡ ’ਚ ਪਰੇਡ ਕਮਾਂਡਰ ਡੀ.ਐਸ.ਪੀ.ਮੋਹਿਤ ਅਗਰਵਾਲ ਦੀ ਅਗਵਾਈ ਹੇਠ ਅੱਠ ਟੁਕੜੀਆਂ ਨੇ ਹਿੱਸਾ ਲਿਆ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਵਿੱਤ ਮੰਤਰੀ ਸਮੇਤ ਪਦਮਸ੍ਰੀ ਐਵਾਰਡ ਲਈ ਚੁਣੇ ਗਏ ਪੱਤਰਕਾਰ ਜਗਜੀਤ ਸਿੰਘ ਦਰਦੀ, ਪਰੇਡ ਕਮਾਂਡਰ ਡੀਐੱਸਪੀ ਮੋਹਿਤ ਅਗਰਵਾਲ, ਪਹਿਲੇ ਸਥਾਨ ’ਤੇ ਆਉਣ ਵਾਲੀ ਪਰੇਡ ਟੁਕੜੀ ਦੇ ਪਲਟੂਨ ਕਮਾਂਡਰ ਆਕਾਸ਼ ਸ਼ਰਮਾ ਅਤੇ ਬੈਂਡ ਮਾਸਟਰ ਐਸ.ਆਈ. ਵਿਕਾਸ ਕੁਮਾਰ ਨੂੰ ਵੀ ਸਨਮਾਨਤ ਕੀਤਾ ਗਿਆ।
ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕੌਮੀ ਝੰਡਾ ਲਹਿਰਾਇਆ
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): 73ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਉਦਯੋਗ ਤੇ ਵਣਜ ਅਤੇ ਵਿਗਿਆਨ ਤੇ ਤਕਨਾਲੋਜੀ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੱਲੋਂ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਮਾਧਵੀ ਕਟਾਰੀਆ ਅਤੇ ਐੱਸਐੱਸਪੀ ਡਾਕਟਰ ਰਵਜੋਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਦੌਰਾਨ ਪਰੇਡ ਕਮਾਂਡਰ ਡੀਐੱਸਪੀ ਸੌਰਭ ਜਿੰਦਲ ਦੀ ਅਗਵਾਈ ਵਿੱਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਜੁਡੀਸ਼ਲ ਅਧਿਕਾਰੀਆਂ ਤੋਂ ਇਲਾਵਾ ਐੱਸਪੀ (ਜਾਂਚ) ਰਮਨੀਸ ਚੌਧਰੀ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ, ਉਪ ਪੁਲੀਸ ਕਪਤਾਨ ਪਵਨਜੀਤ, ਗੁਰਪ੍ਰੀਤ ਸਿੰਘ ਸ਼ਾਹੀ, ਸਨਦੀਪ ਸਿੰਘ, ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ, ਤਹਿਸੀਲਦਾਰ ਹਰਫੂਲ ਸਿੰਘ ਗਿੱਲ ਤੇ ਨਾਇਬ ਖੁਸ਼ਿਵੰਦਰ ਕੁਮਾਰ ਤੋਂ ਇਲਾਵਾ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਜੂਦ ਸਨ।