ਇੱਥੋਂ ਨੇੜਲੇ ਪਿੰਡ ਘੜਾਮ ਦੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨਾਲ ਸਬੰਧਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ‘ਆਪ’ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਸਿਰੋਪਾਓ ਦੇ ਕੇ ਸਵਾਗਤ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਹਰ ਇੱਕ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਹਡਾਣਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੇਂਡੂ ਖੇਤਰਾਂ ਅੰਦਰ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਉਸਾਰੇ ਜਾ ਰਹੇ ਹਨ। ਹਲਕੇ ਅੰਦਰ ਆਵਾਜਾਈ ਨੂੰ ਸੁਖਾਲਾ ਕਰਨ ਲਈ 18 ਫੁੱਟ ਸੜਕਾਂ ਦਾ ਜਾਲ ਵਿਛਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਵੱਡੇ ਪੱਧਰ ਉੱਤੇ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਪੰਚਾਇਤ ਸਮਿਤੀ ਭੁਨਰਹੇੜੀ ਦੇ ਵਾਈਸ ਚੇਅਰਮੈਨ ਸਿਮਰਜੀਤ ਸੋਹਲ, ਦਰਸ਼ਨ ਸਿੰਘ ਘੜਾਮ, ਗੁਰਮੇਲ ਸਿੰਘ ਪਠਾਣਮਾਜਰਾ, ਪ੍ਰਧਾਨ ਯੁਵਰਾਜ ਸਿੰਘ , ਬਲਾਕ ਪ੍ਰਧਾਨ ਸਤਿੰਦਰ ਹਾਂਡਾ, ਸਾਬਕਾ ਸਰਪੰਚ ਗੁਰਮੇਲ ਸਿੰਘ , ਸੁਰਿੰਦਰ ਸਿੰਘ, ਜੱਸਾ ਸਿੰਘ, ਮਹਿੰਦਰ ਸਿੰਘ, ਤਰਸੇਮ ਸਿੰਘ, ਮਨਪ੍ਰੀਤ ਸਿੰਘ, ਹਰਮੇਸ਼ ਸਿੰਘ, ਸਾਹਿਬ ਸਿੰਘ ਸਾਬੀ, ਇਮਰਾਨ ਖਾਨ ਹਾਜ਼ਰ ਸਨ।
ਰਾਮਪੁਰਾ ਜਵਾਹਰ ਵਾਲਾ ਦੇ 50 ਪਰਿਵਾਰ ‘ਆਪ’ ਵਿੱਚ ਸ਼ਾਮਲ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਹਲਕਾ ਲਹਿਰਾ ਦੇ ਪਿੰਡ ਰਾਮਪੁਰਾ ਜਵਾਹਰ ਵਾਲਾ ਵਿੱਚ ਜਸਵਿੰਦਰ ਸਿੰਘ ਪੰਚਾਇਤ ਮੈਂਬਰ ਦੇ ਗ੍ਰਹਿ ਵਿੱਚ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਲਗਪਗ 50 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਕੈਬਨਿਟ ਮੰਤਰੀ ਅਤੇ ਹਲਕਾ ਲਹਿਰਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦਾ ਸਿਰੋਪਾ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਪਾਰਟੀ ਆਗੂਆਂ ਨੇ ਕਿਹਾ ਕਿ ਨਵੇਂ ਪਰਿਵਾਰਾਂ ਦੇ ਸ਼ਾਮਲ ਹੋਣ ਨਾਲ ਪਿੰਡ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉੱਥੇ ਹੀ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਨਾਲ ਮਿਲ ਕੇ ਕੰਮ ਕਰਨਗੇ।ਇਸ ਮੌਕੇ ਜਸਵਿੰਦਰ ਸਿੰਘ ਪੰਚਾਇਤ ਮੈਂਬਰ ਸਮੇਤ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ, ਵਰਕਰ ਅਤੇ ਪਿੰਡ ਵਾਸੀ ਵੀ ਮੌਜੂਦ ਰਹੇ।

