ਗੁਰਦੀਪ ਸਿੰਘ ਲਾਲੀ
ਸੰਗਰੂਰ, 21 ਸਤੰਬਰ
ਸਥਾਨਕ ਸਰਕਾਰੀ ਰਣਬੀਰ ਕਾਲਜ ਵਿੱਚ ਚਾਰ ਵਿਦਿਆਰਥੀ ਜਥੇਬੰਦੀਆਂ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਬੀਏ, ਬੀ.ਕਾਮ, ਬੀਐੱਸਸੀ ਆਦਿ ਵਿੱਚ ਦਾਖ਼ਲਾ ਸੀਟਾਂ ਵਧਾਉਣ ਦੀ ਮੰਗ ਸਬੰਧੀ ਕਾਲਜ ਵਿੱਚ ਮਾਰਚ ਕੀਤਾ ਗਿਆ ਅਤੇ ਕਾਲਜ ਪ੍ਰਿੰਸੀਪਲ ਨੂੰ ਮੰਗ ਪੱਤਰ ਸੌਂਪਿਆ। ਕਾਲਜ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਆਗੂ ਕੋਮਲ ਖਨੌਰੀ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਗੁਰਪ੍ਰੀਤ ਜੱਸਲ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਆਗੂ ਸੰਦੀਪ ਕੌਰ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਹੇੜੀਕੇ ਨੇ ਦੱਸਿਆ ਕਿ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿੱਚ ਦਾਖ਼ਲ ਹੋਣ ਦੇ ਚਾਹਵਾਨ ਵਿਦਿਆਰਥੀਆਂ ਦੀ ਗਿਣਤੀ ਦੇ ਅਨੁਸਾਰ ਸੀਟਾਂ ਬਹੁਤ ਘੱਟ ਹਨ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਚਿੰਤਤ ਹਨ ਕਿ ਜੇਕਰ ਘੱਟ ਸੀਟਾਂ ਕਾਰਨ ਕਾਲਜ ਵਿੱਚ ਦਾਖਲਾ ਨਾ ਮਿਲਿਆ ਤਾਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਪ੍ਰਾਈਵੇਟ ਕਾਲਜਾਂ ਵਿੱਚ ਮਹਿੰਗੀਆਂ ਫੀਸਾਂ ਭਰ ਕੇ ਲੁੱਟ ਦਾ ਸ਼ਿਕਾਰ ਹੋਦ ਲਈ ਮਜਬੂਰ ਹੋਣਾ ਪਵੇਗਾ। ਕਾਲਜ ਵਿਚ ਮਾਰਚ ਕਰਨ ਮਗਰੋਂ ਵਿਦਿਆਰਥੀਆਂ ਦੇ ਵਫ਼ਦ ਵਲੋਂ ਕਾਲਜ ਪ੍ਰਿੰਸੀਪਲ ਸੁਖਵੀਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਜਿੰਨ੍ਹਾਂ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਦਾਖਲਾ ਸੀਟਾਂ ਵਧਾਉਣ ਲਈ ਅਗਲੀ ਲੋੜੀਂਦੀ ਕਾਰਵਾਈ ਜਲਦ ਤੋਂ ਜਲਦ ਕੀਤੀ ਜਾਵੇਗੀ। ਇਸ ਮੌਕੇ ਡੈਮੇਕ੍ਰੇਟਿਕ ਸਟੂਡੈਂਟਸ ਯੂਨੀਅਨ ਦੇ ਵਿਦਿਆਰਥੀਆਂ ਨੇ ਵੀ ਹਮਾਇਤ ਵਜੋਂ ਮਾਰਚ ਵਿਚ ਸ਼ਮੂਲੀਅਤ ਕੀਤੀ।