ਮੁਕੰਦ ਸਿੰਘ ਚੀਮਾ
ਸੰਦੌੜ, 25 ਸਤੰਬਰ
ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਅੱਜ ਸੰਦੌੜ ਇਲਾਕੇ ਵਿਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸੰਦੌੜ ਸਮੇਤ ਆਲੇ ਦੁਆਲੇ ਦੇ ਪਿੰਡਾਂ ਵਿੱਚ ਦੁਕਾਨਦਾਰਾਂ ਵੱਲੋਂ ਕਿਸਾਨਾਂ ਦੀ ਹਮਾਇਤ ਤੇ ਦੁਕਾਨਾਂ ਬੰਦ ਕੀਤੀਆਂ ਗਈਆਂ। ਸੜਕਾਂ ’ਤੇ ਵੀ ਆਵਜਾਈ ਬਹਤੁ ਘੱਟ ਸੀ। ਉਧਰ, ਅੱਜ ਬੰਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਵੱਲੋਂ ਪਿੰਡ ਕਲਿਆਣ ’ਚ ਨਹਿਰ ਦੇ ਪੁਲ ’ਤੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਸਮੇਤ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਚੀਮਾ ਮੰਡੀ (ਜਸਵੰਤ ਸਿੰਘ ਗਰੇਵਾਲ): ਇਕੱਤੀ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਚੀਮਾ ਮੰਡੀ ਦਾ ਸਾਰਾ ਬਾਜ਼ਾਰ ਬੰਦ ਪੂਰੀ ਤਰ੍ਹਾਂ ਬੰਦ ਰਿਹਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਣੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕਸਬੇ ’ਚ ਸੁਨਾਮ-ਮਾਨਸਾ ਮੁੱਖ ਸੜਕ ’ਤੇ ਧਰਨਾ ਦੇ ਕੇ ਆਵਜਾਈ ਠੱਪ ਕਰਕੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਧਰਨੇ ਵਿੱਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਦੁਕਾਨਦਾਰਾਂ ਤੋਂ ਇਲਾਵਾ ਭਾਰੀ ਗਿਣਤੀ ’ਚ ਔਰਤਾਂ ਸ਼ਾਮਲ ਹੋਈਆਂ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਜੋ ਖੇਤੀ ਬਿੱਲ ਲੈ ਕੇ ਆਈ ਹੈ, ਉਹ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ ਤੇ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਖੇਤੀ ਬਿੱਲਾਂ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।