DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

‘ਪੰਜਾਬ ਬੰਦ’ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਵੱਖ-ਵੱਖ ਜਥੇਬੰਦੀਆਂ ਨੇ ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਭਾਰੀ ਸਮਰਥਨ ਦਿੱਤਾ

  • fb
  • twitter
  • whatsapp
  • whatsapp
featured-img featured-img
ਪਟਿਆਲਾ ਵਿੱਚ ਸਫ਼ਾਈ ਸੇਵਕਾਂ ਦੇ ਹੱਕ ’ਚ ਰੋਸ ਪ੍ਰਗਟਾਉਂਦੇ ਹੋਏ ਮੁਜ਼ਾਹਰਾਕਾਰੀ। -ਫੋਟੋ: ਰਾਜੇਸ਼ ਸੱਚਰ
Advertisement

‘ਪੰਜਾਬ ਬੰਦ’ ਦੇ ਸੱਦੇ ਤਹਿਤ ਸੰਗਰੂਰ ਸ਼ਹਿਰ ਮੁਕੰਮਲ ਰੂਪ ਵਿਚ ਬੰਦ ਰਿਹਾ। ਬਰਨਾਲਾ ’ਚ ਸਫ਼ਾਈ ਸੇਵਕਾਂ ਤੇ ਹੋਏ ਅੰਨ੍ਹੇਵਾਹ ਲਾਠੀਚਾਰਜ ਦੇ ਵਿਰੋਧ ਅਤੇ ਮੰਗਾਂ ਦੀ ਪ੍ਰਾਪਤੀ ਲਈ ਵਪਾਰੀਆਂ ਤੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖੀਆਂ। ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ, ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਦਿ ਪੰਜਾਬ ਮਿਉਂਸਿਪਲ ਆਊਟਸੋਰਸ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ‘ਪੰਜਾਬ ਬੰਦ’ ਦੇ ਦਿੱਤੇ ਸੱਦੇ ਤਹਿਤ ਸ਼ਹਿਰ ਛੇ ਘੰਟੇ ਲਈ ਬੰਦ ਰੱਖਿਆ ਗਿਆ। ਸਫ਼ਾਈ ਸੇਵਕ, ਵਾਲਮੀਕਿ ਸਮਾਜ ਅਤੇ ਵੱਖ-ਵੱਖ ਭਰਾਤਰੀ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਦੇ ਵਰਕਰ ਨਗਰ ਕੌਂਸਲ ਦਫ਼ਤਰ ’ਚ ਇਕੱਠੇ ਹੋਏ ਜਿੱਥੋਂ ਰੋਸ ਮਾਰਚ ਸ਼ੁਰੂ ਹੋਇਆ ਜੋ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਲਾਲ ਬੱਤੀ ਚੌਕ ਪੁੱਜਾ ਜਿੱਥੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।

ਪਟਿਆਲਾ (ਸਰਬਜੀਤ ਸਿੰਘ ਭੰਗੂ): ਸਫ਼ਾਈ ਸੇਵਕਾਂ ’ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ’ਚ ਵਾਲਮੀਕ ਭਾਈਚਾਰੇ ਵੱਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਇੱਥੇ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਸਮੇਤ ਪਟਿਆਲਾ ਜ਼ਿਲ੍ਹੇ ਅੰਦਰ 85 ਫੀਸਦੀ ਤੋਂ ਵੀ ਵੱੱਧ ਬੰਦ ਰਿਹਾ। ਤ੍ਰਿਪੜੀ ਖੇਤਰ, ਅਦਾਲਤ ਬਾਜ਼ਾਰ, ਧਰਮਪੁਰਾ ਬਾਜ਼ਾਰ, ਰਾਘੋਮਾਜਰਾ, ਕਿਲਾ ਚੌਕ, ਜੁਝਾਰ ਨਗਰ, ਗੁਰਬਖ਼ਸ਼ ਕਲੋਨੀ, ਸ਼ੇਰਾਂਵਾਲਾ ਗੇਟ, ਨਾਭਾ ਗੇਟ ਅਤੇ ਛੋਟੀ ਬਾਰਾਂਦਰੀ ਸਮੇਤ ਹੋਰ ਇਲਾਕਿਆਂ ਵਿੱਚ ਵੀ ਦੁਕਾਨਾਂ ਤੇ ਕਾਰੋਬਾਰੀ ਅਦਾਰੇ ਬੰਦ ਰੱਖੇ ਗਏ।

Advertisement

ਅਮਰਗੜ੍ਹ (ਸੁਖਵਿੰਦਰ ਸਿੰਘ ਅਟਵਾਲ): ‘ਪੰਜਾਬ ਬੰਦ’ ਦੇ ਸੱਦੇ ਦਾ ਅਸਰ ਅਮਰਗੜ੍ਹ ’ਚ ਵੀ ਦੇਖਣ ਨੂੰ ਮਿਲਿਆ। ਇਸ ਮੌਕੇ ਨਗਰ ਪੰਚਾਇਤ ਅਮਰਗੜ੍ਹ ਦੇ ਦਫਤਰ ਅੱਗੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂ ਜੋਗਿੰਦਰ ਸਿੰਘ, ਹਾਕਮ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਰਾਜ ਰਾਣੀ ਨੇ ਬਰਨਾਲਾ ’ਚ ਪੁਲੀਸ ਵੱਲੋਂ ਮਹਿਲਾ ਸਫ਼ਾਈ ਕਰਮਚਾਰੀਆਂ ’ਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕੀਤੀ।

Advertisement

ਲੌਂਗੋਵਾਲ (ਰਘਵੀਰ ਸਿੰਘ ਚੰਗਾਲ): ਕਸਬੇ ਵਿੱਚ ਜਥੇਬੰਦੀਆਂ ਵੱਲੋਂ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੀ ਆਗੂ ਜਸਮੇਲ ਕੌਰ, ਦੇਸ਼ ਭਗਤ ਯਾਦਗਾਰ ਦੇ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ, ਤਰਕਸ਼ੀਲ ਸੁਸਾਇਟੀ ਦੇ ਸੂਬਾ ਆਗੂ ਜੁਝਾਰ ਸਿੰਘ ਲੌਂਗੋਵਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਲਖਵੀਰ ਸਿੰਘ ਲੌਂਗੋਵਾਲ, ਭਾਕਿਯੂ (ਏਕਤਾ)-ਆਜ਼ਾਦ ਦੇ ਬਲਜਿੰਦਰ ਸਿੰਘ ਨੇ ਸਰਕਾਰ ਤੋਂ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਮੰਗ ਕੀਤੀ।

ਸਮਾਣਾ (ਸੁਭਾਸ਼ ਚੰਦਰ): ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਅਤੇ ਬਰਨਾਲਾ ਵਿੱਚ ਕਰਮਚਾਰੀਆਂ ਦੀ ਪੁਲੀਸ ਵੱਲੋਂ ਕੀਤੀ ਕੁੱਟਮਾਰ ਦੇ ਰੋਸ ਵਜੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਮਾਣਾ ’ਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਸਾਰੇ ਬਾਜ਼ਾਰਾਂ ਵਿੱਚ ਦੁਕਾਨਾ ਬੰਦ ਰਹੀਆਂ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ।

ਦਿੜ੍ਹਬਾ ਮੰਡੀ ( ਰਣਜੀਤ ਸਿੰਘ ਸ਼ੀਤਲ): ਦਫ਼ਤਰ ਨਗਰ ਪੰਚਾਇਤ ਦਿੜ੍ਹਬਾ ਦੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰੌਕੀ ਕੁਮਾਰ ਦੀ ਪ੍ਰਧਾਨਗੀ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਨਗਰ ਪੰਚਾਇਤ ਦਿੜ੍ਹਬਾ ਦੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਅਤੇ ਕਿਸਾਨਾਂ ਨੇ ਦੱਸਿਆ ਕਿ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਬਲਾਕ ਖਜ਼ਾਨਚੀ ਜਗਦੀਪ ਸਿੰਘ ਮਹਿਲਾਂ ਨੇ ਦੱਸਿਆ ਕਿ ਦਿੜ੍ਹਬਾ ਸ਼ਹਿਰ ਦੇ ਦੁਕਾਨਦਾਰਾਂ ਨੇ ਸਾਰੀਆਂ ਦੁਕਾਨਾਂ ਬੰਦ ਕਰ ਕੇ ਪੂਰਨ ਸਮਰਥਨ ਦਿੱਤਾ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ। ਇਸ ਮੌਕੇ ਨਗਰ ਕੌਂਸਲ ਸਫ਼ਾਈ ਕਰਮਚਾਰੀ ਯੂਨੀਅਨ ਭਵਾਨੀਗੜ੍ਹ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਸਫ਼ਾਈ ਮਜ਼ਦੂਰ ਯੂਨੀਅਨ ਦੇ ਬਲਾਕ ਪ੍ਰਧਾਨ ਜਗਮੇਲ ਸਿੰਘ ਬਿੱਟੂ, ਪ੍ਰਧਾਨ ਅਜੀਤ ਸਿੰਘ, ਗੁਰਮੇਲ ਸਿੰਘ ਪ੍ਰਧਾਨ, ਅਮਰਜੀਤ ਸਿੰਘ ਅਤੇ ਕੁਲਵਿੰਦਰ ਕੌਰ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਨੇ ਸੰਬੋਧਨ ਕੀਤਾ।

ਮਾਲੇਰਕੋਟਲਾ (ਪਰਮਜੀਤ ਸਿੰਘ ਕੁਠਾਲਾ): ਸ਼ਹਿਰ ’ਚ ਮੁੱਖ ਬਾਜ਼ਾਰ, ਵਪਾਰਕ ਅਦਾਰੇ ਅਤੇ ਦੁਕਾਨਾਂ ਬੰਦ ਰਹੀਆਂ ਹਾਲਾਂਕਿ ਆਵਾਜਾਈ ਉਪਰ ਬੰਦ ਦਾ ਅਸਰ ਨਹੀਂ ਦੇਖਿਆ ਗਿਆ। ਨਗਰ ਕੌਂਸਲ ਸਾਹਮਣੇ ਇਕੱਠੇ ਹੋਏ ਵੱਡੀ ਗਿਣਤੀ ਸਫਾਈ ਕਾਮਿਆਂ ਨੂੰ ਸਮਰਥਨ ਦੇਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ, ਕਿਰਤੀ ਕਿਸਾਨ ਯੂਨੀਅਨ ਅਤੇ ਪੰਜਾਬ ਦਿਹਾਤੀ ਮਜ਼ਦੂਰ ਯੂਨੀਅਨ ਸਮੇਤ ਭਰਾਤਰੀ ਜਥੇਬੰਦੀਆਂ ਦੇ ਆਗੂ ਤੇ ਵਰਕਰ ਪਹੁੰਚੇ। ਸਫ਼ਾਈ ਕਾਮਿਆਂ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਦਿੱਲੀ ਗੇਟ ਦੇ ਬਾਹਰ ਰੈਲੀ ਕੀਤੀ ਗਈ।

ਜਥੇਬੰਦੀਆਂ ਨੇ ਕੀਤੀ ਰੋਸ ਰੈਲੀ

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਪੰਜਾਬ ਵਾਟਰ ਸਪਲਾਈ ਸੀਵਰਮੈਨ ਯੂਨੀਅਨ ਪੰਜਾਬ ਅਤੇ ਸਹਿਯੋਗੀ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਪੰਜਾਬ ਬੰਦ ਦਾ ਰਾਜਪੁਰਾ ਵਿੱਚ ਭਰਵਾਂ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਮੁੱਖ ਬਾਜ਼ਾਰ ਅਤੇ ਵਪਾਰਕ ਅਦਾਰੇ ਬੰਦ ਰਹੇ। ਬੰਦ ਨੂੰ ਸਫ਼ਾਈ ਸੇਵਕ ਯੂਨੀਅਨ ਦੇ ਰੀਜਨ ਪ੍ਰਧਾਨ ਹੰਸ ਰਾਜ ਬਨਵਾੜੀ, ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ, ਭੀਮ ਆਰਮੀ ਤੋਂ ਰਾਜਿੰਦਰ ਵਾਲਮੀਕਨ ਸਮੇਤ ਹੋਰ ਸਹਿਯੋਗੀ ਜਥੇਬੰਦੀਆਂ ਵੱਲੋਂ ਦਿੱਤੇ ਪ੍ਰੋਗਰਾਮਾਂ ਤਹਿਤ ਸਮਰਥਨ ਦਿੰਦਿਆਂ ਰੋਸ ਰੈਲੀ ਕੱਢੀ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਸੰਜੂ ਪ੍ਰਧਾਨ, ਹੰਸ ਰਾਜ ਬਨਵਾੜੀ, ਅਸ਼ੋਕ ਬਿੱਟੂ ਨੇ ਸੰਬੋਧਨ ਕੀਤਾ। ਬੰਦ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼ਹਿਰ ਵਿੱਚ ਪੁਲੀਸ ਫੋਰਸ ਤਾਇਨਾਤ ਰਹੀ।

ਸਫ਼ਾਈ ਮਜ਼ਦੂਰਾਂ ਨੇ ਸਰਕਾਰ ਦਾ ਪੁਤਲਾ ਫੂਕਿਆ

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਸਫ਼ਾਈ ਸੇਵਕਾਂ ਦੀ ਜਥੇਬੰਦੀ ਸਫ਼ਾਈ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਪਾਤੜਾਂ ਵਿੱਚ ਭਰਵਾਂ ਹੁੰਗਾਰਾ ਮਿਲਿਆ। ਸਵੇਰ ਸਮੇਂ ਵੱਡੀ ਪੱਧਰ ਉੱਤੇ ਸ਼ਹਿਰ ਵਾਸੀਆਂ ਨੇ ਦੁਕਾਨਾਂ ਬੰਦ ਰੱਖ ਕੇ ਬੰਦ ਨੂੰ ਸਮਰਥਨ ਦਿੱਤਾ। ਇਸ ਦੌਰਾਨ ਸਫ਼ਾਈ ਸੇਵਕ ਯੂਨੀਅਨ ਵੱਲੋਂ ਸ਼ਹਿਰ ਵਿੱਚ ਵਿਸ਼ਾਲ ਰੋਸ ਰੈਲੀ ਕੱਢੀ ਗਈ। ਸਫ਼ਾਈ ਸੇਵਕਾਂ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਦੀ ਅਗਵਾਈ ਵਿੱਚ ਭਰਵੀਂ ਸ਼ਮੂਲੀਅਤ ਕੀਤੀ। ਸ਼ਹਿਰ ਦੇ ਬਾਜ਼ਾਰਾਂ ਵਿੱਚ ਕੱਢੇ ਗਏ ਰੋਸ ਮਾਰਚ ਮਗਰੋਂ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਸਫ਼ਾਈ ਮਜ਼ਦੂਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।

ਸਰਕਾਰ ’ਤੇ ਮੰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼

ਘੱਗਾ (ਰਵੇਲ ਸਿੰਘ ਭਿੰਡਰ): ਸਫ਼ਾਈ ਕਰਮਚਾਰੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ’ਤੇ ਕਸਬਾ ਘੱਗਾ ਬੰਦ ਰਿਹਾ। ਨਗਰ ਪੰਚਾਇਤ ਘੱਗਾ ਸਫ਼ਾਈ ਮਜ਼ਦੂਰ ਯੂਨੀਅਨ ਅਤੇ ਜਨਤਕ ਜਥੇਬੰਦੀਆਂ ਵੱਲੋਂ ਘੱਗਾ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਸਫ਼ਾਈ ਮਜ਼ਦੂਰ ਯੂਨੀਅਨ ਘੱਗਾ ਦੇ ਪ੍ਰਧਾਨ ਮੱਖਣ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਦਵਿੰਦਰ ਛਬੀਲਪੁਰ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਵਿੰਦਰ ਸਿੰਘ ਦੇਧਨਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਦੇ ਆਗੂ ਹਰਭਜਨ ਸਿੰਘ ਧੂਹੜ ਤੇ ਅਮਰਿੰਦਰ ਸਿੰਘ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਨੇ ਕਿਹਾ ਕਿ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਨੌਜਵਾਨ ਭਾਰਤ ਸਭਾ ਦੇ ਆਗੂ ਗੁਰਦੀਪ ਆਜ਼ਾਦ ਨਿਭਾਈ। ਇਸੇ ਤਰ੍ਹਾਂ ਬਾਦਸ਼ਾਹਪੁਰ ਵਿੱਚ ਸਫ਼ਾਈ ਕਰਮਚਾਰੀਆਂ ਦੇ ਬੰਦ ਦੇ ਸੱਦੇ ਨੂੰ ਭਰਵਾਂ ਸਮਰਥਨ ਮਿਲਿਆ।

Advertisement
×