ਨਗਰ ਨਿਗਮ ਦੇ ਕੰਮ-ਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰਨ ਦੇ ਹਵਾਲੇ ਨਾਲ ਮੇਅਰ ਕੁੰਦਨ ਗੋਗੀਆ ਵੱਲੋਂ ਅਹਿਮ ਫ਼ੈਸਲਾ ਲੈਂਦਿਆਂ ਆਪਣੇ ਕਾਰਜਕਾਲ ਤੋਂ ਪਹਿਲਾਂ ਪ੍ਰਵਾਨ ਕੀਤੇ ਗਏ ਵਿਕਾਸ ਕਾਰਜਾਂ ਦੇ ਸਾਰੇ ਪ੍ਰਾਜੈਕਟ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਵੀ ਕੰਮ ’ਤੇ ਅੱਗੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਹ ਫੈਸਲਾ ਉਨ੍ਹਾਂ ਨੇ ਅੱਜ ਇਥੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਲਿਆ।
ਮੇਅਰ ਸ੍ਰੀ ਗੋਗੀਆ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਹ ਗਲਤ ਪ੍ਰਥਾ ਰਹੀ ਹੈ ਕਿ ਇੱਕ ਜਗ੍ਹਾ ਲਈ ਤਿਆਰ ਕੀਤਾ ਗਿਆ ਐਸਟੀਮੇਟ ਬਿਨਾਂ ਵਾਜਬ ਕਾਰਨ ਦੇ ਫਾਈਲ ਟਰਾਂਸਫਰ ਕਰਕੇ ਕਿਸੇ ਹੋਰ ਜਗ੍ਹਾ ’ਤੇ ਕੰਮ ਸ਼ੁਰੂ ਕਰਵਾ ਦਿੱਤਾ ਜਾਂਦਾ ਸੀ। ਇਸ ਤਰ੍ਹਾਂ ਦੇ ਫੈਸਲੇ ਨਾ ਸਿਰਫ਼ ਨਿਯਮਾਂ ਦੇ ਖ਼ਿਲਾਫ਼ ਹਨ, ਸਗੋਂ ਇਸ ਦੌਰਾਨ ਫੰਡਾਂ ਦੀ ਦੁਰਵਰਤੋਂ ਵੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਕਿਸੇ ਵੀ ਫਾਈਲ ਨੂੰ ਇੱਕ ਥਾਂ ਤੋਂ ਦੂਜੀ ਥਾਂ ਤਬਦੀਲ ਕਰਕੇ ਕੰਮ ਕਰਵਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਹਰ ਐਸਟੀਮੇਟ ਉਸੇ ਥਾਂ ਲਈ ਲਾਗੂ ਹੋਵੇਗਾ, ਜਿਸ ਲਈ ਉਹ ਮਨਜ਼ੂਰ ਕੀਤਾ ਗਿਆ ਹੈ। ਅਧਿਕਾਰੀਆਂ ਨੂੰ ਚੁਕੰਨੇ ਕਰਦਿਆਂ ਮੇਅਰ ਸ੍ਰੀ ਗੋਗੀਆ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਨਗਰ ਨਿਗਮ ਦਾ ਹਰ ਕੰਮ ਪਾਰਦਰਸ਼ੀ ਢੰਗ ਨਾਲ ਅਤੇ ਜਨਤਾ ਦੇ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ।

