ਗੁਰਦੀਪ ਸਿੰਘ ਲਾਲੀ/ ਮਹਿੰਦਰ ਕੌਰ ਮੰਨੂ
ਸੰਗਰੂਰ, 25 ਜਨਵਰੀ
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਅਗਵਾਈ ਹੇਠ ਜ਼ਿਲ੍ਹਾ ਭਰ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਇਥੇ ਡੀਸੀ ਕੰਪਲੈਕਸ ਅੱਗੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਪੁਤਲੇ ਸਾੜੇ ਗਏ ਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਤੁਰੰਤ ਖੇਤੀ ਮਾਰੂ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਅੱਜ ਮੈਡੀਕਲ ਪ੍ਰੈਕਟੀਸ਼ਨਰ ਕੌਲਾ ਪਾਰਕ ਮਾਰਕੀਟ ’ਚ ਇਕੱਠੇ ਹੋਏ ਜਿਥੋਂ ਡੀਸੀ ਕੰਪਲੈਕਸ ਤੱਕ ਰੋਸ ਮਾਰਚ ਕੀਤਾ ਗਿਆ ਤੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਖੇਤੀਬਾੜੀ ਮੰਤਰੀ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਅਨਵਰ ਭਸੌੜ ਤੇ ਸੂਬਾ ਆਗੂ ਡਾ. ਮਾਘ ਸਿੰਘ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਦੇਸ਼ ਭਰ ਦੇ ਕਿਸਾਨਾਂ ਨੂੰ ਗੁਲਾਮ ਬਣਾਉਣ ਤੇ ਉਨ੍ਹਾਂ ਦੀਆਂ ਜ਼ਮੀਨਾਂ ਹੜੱਪਣ ਲਈ ਤਿੰਨ ਕਿਸਾਨ ਮਾਰੂ ਕਾਨੂੰਨ ਬਣਾਏ ਹਨ ਤੇ ਪਿਛਲੇ 120 ਦਿਨਾਂ ਤੋਂ ਦੇਸ਼ ਭਰ ਦੇ ਕਿਸਾਨ ਸੰਘਰਸ਼ ਕਰਦੇ ਆ ਰਹੇ ਹਨ। 26 ਨਵੰਬਰ ਤੋਂ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਹਨ ਪਰ ਕੇਂਦਰ ਸਰਕਾਰ ਦੀ ਜ਼ਿੱਦ ਨੇ ਲੋਕਤੰਤਰ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ ਤੇ ਕਿਸਾਨਾਂ ਦੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 11 ਗੇੜ ਦੀ ਗੱਲਬਾਤ ਮਗਰੋਂ ਵੀ ਮੋਦੀ ਸਰਕਾਰ ਆਪਣੇ ਹੰਕਾਰ ਤੇ ਹਊਮੈ ’ਚ ਹੈ ਤੇ ਕਿਸਾਨਾਂ ਦੀ ਪ੍ਰਵਾਹ ਨਹੀਂ ਕਰ ਰਹੀ। ਲਗਾਤਾਰ ਕਿਸਾਨ ਸੰਘਰਸ਼ ਨੂੰ ਢਾਹ ਲਾਉਣ ਦੇ ਯਤਨ ਕੀਤੇ ਜਾ ਰਹੇ ਹਨ। ਸਰਕਾਰ ਦਾ ਅੜੀਅਲ ਵਤੀਰਾ ਨਿੰਦਣਯੋਗ ਹੈ। ਬੁਲਾਰਿਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੋਦੀ ਸਰਕਾਰ ਨੇ ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ।
ਇਸ ਮੌਕੇ ਐਸੋਸੀਏਸ਼ਨ ਆਗੂ ਡਾ. ਧਰਮ ਪਾਲ ਸਿੰਘ ਭਵਾਨੀਗੜਨ੍ਹ, ਡਾ. ਹਰਮੇਸ ਸਿੰਘ, ਡਾ. ਜਸਵੰਤ ਸਿੰਘ ਝਨੇਰ, ਬਲਜਿੰਦਰ ਸਿੰਘ, ਚਮਕੌਰ, ਸਿੰਘ ਵਰਿੰਦਰ ਕੁਮਾਰ ਸੁਨਾਹਮ, ਕੇਵਲ ਸਿੰਘ ਸੰਗਰੂਰ, ਹਰਦੀਪ ਸਿੰਘ ਬਬਲਾ, ਅਮਦਨ ਖਾਨ ਧੂਰੀ, ਗੁਰਦੇਵ ਸਿੰਘ ਬੜੀ, ਬਲਜੀਤ ਸਿੰਘ ਖਨੌਰੀ ਆਦਿ ਹਾਜ਼ਰ ਸਨ।