ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ
ਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 2 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਹੋਈ। ਇਸ ਵਿੱਚ ਸੂਬਾ ਕਮੇਟੀ ਤੋਂ ਇਲਾਵਾ 14 ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਅਤੇ ਹੋਰ ਆਗੂਆਂ ਨੇ ਭਾਗ ਲਿਆ।
ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ 13 ਜੁਲਾਈ ਨੂੰ ਜਥੇਬੰਦੀ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦੀ ਬਰਸੀ ਕਾਰਪੋਰੇਟ ਅਤੇ ਜ਼ਬਰ ਵਿਰੋਧੀ ਦਿਵਸ ਵਜੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅਖਾੜਾ ਵਿਖੇ ਮਨਾਈ ਜਾਵੇਗੀ। ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ ਵਾਲੇ ਆਗੂਆਂ ’ਤੇ ਕਾਤਲਾਨਾ ਹਮਲਾ ਕਰਨ ਵਾਲੇ ਮੁਲਜ਼ਮਾਂ ਦੀ ਸਿਆਸੀ ਸ਼ਹਿ ’ਤੇ ਪੁਸ਼ਤ ਪਨਾਹੀ ਕੀਤੀ ਜਾ ਰਹੀ ਹੈ। ਇਸ ਮੌਕੇ ਸ਼ਹੀਦ ਕਿਰਨਜੀਤ ਕੌਰ ਦਾ 28ਵਾਂ ਬਰਸੀ ਸਮਾਗਮ 12 ਅਗਸਤ ਦਾਣਾ ਮੰਡੀ ਮਹਿਲਕਲਾਂ ਵਿੱਚ ਮਨਾਉਣ ਸਬੰਧੀ ਵਿਚਾਰਾਂ ਵੀ ਕੀਤੀਆਂ ਗਈਆਂ। ਇਸ ਮੌਕੇ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ, ਸੂਬਾ ਖਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ, ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ, ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਸ਼ਾਮਲ ਸਨ।