ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 8 ਸਤੰਬਰ
ਪਿੰਡ ਭੱਟੀਆਂ ਖ਼ੁਰਦ ਦੇ ਦਲਿਤ ਭਾਈਚਾਰੇ ਦੀ ਜ਼ਮੀਨ ’ਤੇ ਕਥਿਤ ਤੌਰ ‘ਤੇ ਨਾਜਾਇਜ਼ ਕਬਜ਼ਾ ਕਰਨ ਸਬੰਧੀ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਪੁੱਜੀ ਸ਼ਿਕਾਇਤ ਦੀ ਪੜਤਾਲ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦੇਸ਼ਵਰ ਸਿੰਘ ਮੋਹੀ ਨੇ ਅੱਜ ਮਾਲੇਰਕੋਟਲਾ ਕਲੱਬ ਵਿੱਚ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਸ ਮਸਲੇ ‘ਤੇ ਚਰਚਾ ਵੀ ਕੀਤੀ ਅਤੇ ਕਿਹਾ ਕਿ ਇਸ ਮਾਮਲੇ ਨੂੰ ਜਲਦ ਤੋਂ ਜਲਦ ਸੁਲਝਾਇਆ ਜਾਵੇ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦੇਸ਼ਵਰ ਸਿੰਘ ਮੋਹੀ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਕਿਸ਼ਨ ਸਿੰਘ ਪਿੰਡ ਭੱਟੀਆਂ ਖ਼ੁਰਦ ਵੱਲੋਂ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਹੈ। ਕਮਿਸ਼ਨ ਦੀ ਚੇਅਰਪਰਸਨ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮਾਮਲੇ ਦੀ ਜ਼ਮੀਨੀ ਹਕੀਕਤ ਜਾਣਨ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਲਗਾਈ ਗਈ ਹੈ। ਉਨ੍ਹਾਂ ਨੇ ਇੱਥੇ ਪੁੱਜ ਕੇ ਸ਼ਿਕਾਇਤਕਰਤਾ ਧਿਰ, ਦੂਜੀ ਧਿਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਚੇਅਰਪਰਸਨ ਕੋਲ ਪੇਸ਼ ਕੀਤੀ ਜਾਵੇਗੀ। ਇਸ ਮਾਮਲੇ ’ਚ ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਨੇ ਐਸਡੀਐਮ ਟੀਬੈਨਿਥ, ਡੀਐਸਪੀ (ਐਚ) ਮੋਹਿਤ ਅਗਰਵਾਲ, ਨਾਇਬ ਤਹਿਸੀਲਦਾਰ ਗੁਰਦੀਪ ਸਿੰਘ, ਨਾਇਬ ਤਹਿਸੀਲਦਾਰ ਖੁਸ਼ਵਿੰਦਰ ਸਿੰਘ ਅਤੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ, ਜਗਦੀਪ ਸਿੰਘ ਆਦਿ ਨਾਲ ਵੀ ਗੱਲਬਾਤ ਕੀਤੀ।