ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਜੁਲਾਈ
ਸਮੱਗਰਾ ਸਿੱਖਿਆ ਅਭਿਆਨ/ਮਿਡ-ਡੇਅ ਮੀਲ ਦਫ਼ਤਰੀ ਕਰਮਚਾਰੀਆਂ ਦੀ ਤਨਖਾਹ ਵਿੱਚ ਕਟੌਤੀ ਅਤੇ ਸੇਵਾਵਾਂ ਰੈਗੂਲਰ ਨਾ ਕਰਨ ਦੇ ਰੋਸ ਵਿੱਚ ਸਮੱਗਰਾ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀਆਂ ਵੱਲੋਂ ਅੱਜ ਤੋਂ ਅਣਮਿਥੇ ਸਮੇਂ ਦੀ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲੀ ਕਰਮਚਾਰੀਆਂ ਵੱਲੋਂ ਡੀ.ਈ.ਓ. ਐਲੀਮੈਂਟਰੀ ਦਫ਼ਤਰ ਅੱਗੇ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰੇਖਾ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ 9 ਮਹੀਨਿਆਂ ਤੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਦਾ ਪ੍ਰਚਾਰ ਕਰ ਰਹੀ ਹੈ ਪਰੰਤੂ ਜੋ ਸੱਚ ਸਾਹਮਣੇ ਆਇਆ ਹੈ, ਉਹ ਕਰਮਚਾਰੀਆਂ ਨਾਲ ਸਰਾਸਰ ਧੋਖਾ ਹੈ। ਪੰਜਾਬ ਸਰਕਾਰ ਬਿਨਾਂ ਪੇਅ ਸਕੇਲ, ਸੀਐਸਆਰ ਅਤੇ ਪੈਨਸ਼ਨਰੀ ਲਾਭ ਦਿੱਤੇ ਰੈਗੂਲਰ ਦੇ ਨਾਮ ’ਤੇ ਕੇਵਲ ਪ੍ਰਚਾਰ ਕਰ ਰਹੀ ਹੈ। ਸਰਕਾਰ ਦੀਆਂ ਇਨ੍ਹਾਂ ਨੀਤੀਆਂ ਖ਼ਿਲਾਫ਼ ਸਮੱਗਰਾ ਸਿੱਖਿਆ ਅਭਿਆਨ ਅਤੇ ਮਿਡ ਡੇ ਮੀਲ ਦੇ ਦਫ਼ਤਰੀ ਕਰਮਚਾਰੀਆਂ ਨੂੰ ਬੇਮਿਆਦੀ ਕਲਮਛੋੜ ਹੜਤਾਲ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਅਧੀਨ ਸਮੱਗਰਾ ਸਿੱਖਿਆ ਅਭਿਆਨ, ਮਿਡ-ਡੇਅ ਮੀਲ ਅਧੀਨ ਮੁੱਖ ਦਫ਼ਤਰ, ਜ਼ਿਲ੍ਹਾ ਸਿੱਖਿਆ ਦਫ਼ਤਰਾਂ ਅਤੇ ਬਲਾਕ ਦਫਤਰਾਂ ਵਿਚ 2004 ਤੋਂ ਵੱਖ-ਵੱਖ ਕੈਟਾਗਿਰੀਆਂ/ਕਾਡਰਾਂ ਅਧੀਨ ਦਫ਼ਤਰਾਂ ਵਿੱਚ ਕੰਮ ਕਰ ਰਹੇ ਹਨ। ਸਮੱਗਰਾ ਸਿੱਖਿਆ ਅਭਿਆਨ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ 1 ਅਪਰੈਲ 2018 ਤੋਂ ਸਿੱਖਿਆ ਵਿਭਾਗ ਵਿਚ ਪੂਰੇ ਲਾਭ ਦੇ ਕੇ ਰੈਗੂਲਰ ਕਰ ਦਿੱਤਾ ਗਿਆ ਹੈ ਪਰੰਤੂ ਨਾਨ ਟੀਚਿੰਗ ਕਰਮਚਾਰੀਆਂ ਨੂੰ ਛੱਡ ਦਿੱਤਾ ਗਿਆ ਹੈ। ਕਰਮਚਾਰੀਆਂ ਦੀਆਂ ਕੁਝ ਕੈਟਾਗਿਰੀਆਂ ਦੀ ਸਤੰਬਰ 2020 ਤੋਂ ਬਿਨਾਂ ਕਿਸੇ ਨੋਟਿਸ ਦੇ ਕਰੀਬ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਘੱਟ ਕਰ ਦਿੱਤੀ ਹੈ। ਮਿਡ-ਡੇਅ ਮੀਲ ਦਫ਼ਤਰੀ ਕਰਮਚਾਰੀਆਂ ਦੀ ਸਾਲ 2019 ਤੋਂ ਤਨਖਾਹ ਵਿੱਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ। ਸਪੈਸ਼ਲ ਐਜੂਕੇਟਰਾਂ ਦੀ ਤਨਖਾਹ ’ਚ ਵੀ ਕਟੌਤੀ ਕੀਤੀ ਹੈ।