Paddy Procurement Begins: ਮੰਤਰੀ ਵੱਲੋਂ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ
ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਾਂਗੇ: ਗੋਇਲ; ਸੁੱਕਾ ਝੋਨਾ ਲਿਆਉਣ ਦੀ ਅਪੀਲ
ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਦੀ ਅਨਾਜ ਮੰਡੀ ਵਿੱਚ ਆੜ੍ਹਤੀ ਰਾਮ ਸਰਨ ਦਾਸ ਸੁਰਿੰਦਰ ਕੁਮਾਰ ਦੀ ਦੁਕਾਨ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਦੌਰਾਨ ਪਿੰਡ ਸੇਖੂਵਾਸ ਦੇ ਕਿਸਾਨ ਮਨਪ੍ਰੀਤ ਸਿੰਘ ਦੀ ਫ਼ਸਲ ਪਨਗਰੇਨ ਵੱਲੋਂ ਖ਼ਰੀਦੀ ਗਈ। ਮੰਤਰੀ ਗੋਇਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਕੇਂਦਰ ਸਰਕਾਰ ਵੱਲੋਂ ਪਿਛਲਾ ਅਨਾਜ ਨਾ ਚੁੱਕੇ ਜਾਣ ਕਾਰਨ ਮੰਡੀਆਂ ਵਿੱਚ ਆਉਣ ਵਾਲੀਆਂ ਚੁਣੌਤੀਆਂ ਦੇ ਬਾਵਜੂਦ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਸੁੱਕਾ ਅਤੇ ਸਾਫ਼ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਕਿਸਾਨ ਹਾਜ਼ਰ ਸਨ।
ਮਾਲੇਰਕੋਟਲਾ ਵਿੱਚ ਖ਼ਰੀਦ ਸ਼ੁਰੂ
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੀ ਸਥਾਨਕ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠੀ ਸਰਕਾਰ ਵੱਲੋਂ ਖ਼ਰੀਦ ਸੀਜ਼ਨ ਨੂੰ ਸੁਚਾਰੂ ਬਣਾਉਣ ਲਈ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ ਅਤੇ ਰੌਸ਼ਨੀ ਸਮੇਤ ਸਾਰੇ ਬੁਨਿਆਦੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਨਾ ਆਵੇ। ਡਾ. ਰਹਿਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲੈ ਕੇ ਆਉਣ। ਇਸ ਮੌਕੇ ਐੱਸ ਡੀ ਐਮ ਕਨੂ ਗਰਗ, ਮਾਰਕਿਟ ਕਮੇਟੀ ਦੇ ਚੇਅਰਮੈਨ ਜਾਫ਼ਰ ਅਲੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

