ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਆਪਣੀਆਂ ਮੰਗਾਂ ਮੰਨਵਾਉਣ ਲਈ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਅਨੁਜ ਸ਼ਰਮਾ, ਜ਼ਿਲ੍ਹਾ ਐਕਟਿੰਗ ਪ੍ਰਧਾਨ ਰਾਜਵੀਰ ਬਡਰੁੱਖਾਂ, ਸੀਨੀਅਰ...
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਆਪਣੀਆਂ ਮੰਗਾਂ ਮੰਨਵਾਉਣ ਲਈ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਅਨੁਜ ਸ਼ਰਮਾ, ਜ਼ਿਲ੍ਹਾ ਐਕਟਿੰਗ ਪ੍ਰਧਾਨ ਰਾਜਵੀਰ ਬਡਰੁੱਖਾਂ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਘਰਾਚੋਂ ਅਤੇ ਰਣਜੀਤ ਭੀਖੀ ਨੇ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 2020 ਵਿੱਚ ਜਾਰੀ ਕੀਤਾ ਗਿਆ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਤੇ ਕੇਂਦਰੀ ਤਨਖ਼ਾਹ ਕਮਿਸ਼ਨ ਲਾਗੂ ਕਰਨ ਦਾ ਨੋਟੀਫਿ਼ਕੇਸ਼ਨ ਰੱਦ ਕਰਨਾ, 4-9-14 ਸਾਲਾਂ ਏ.ਸੀ.ਪੀ. ਸਕੀਮ ਨੂੰ ਮੁੜ ਬਹਾਲ ਕਰਨਾ ਆਦਿ ਮੰਗਾਂ ਮੰਨਵਾਉਣ ਲਈ ਯੂਨੀਅਨ ਵਲੋਂ ਲਗਾਤਾਰ ਮੰਗ ਪੱਤਰ ਭੇਜੇ ਜਾ ਰਹੇ ਹਨ ਪਰ ਸਰਕਾਰ ਵੱਲੋਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਮੁਲਾਜ਼ਮਾਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਮਨਿੰਦਰ ਕੌਰ, ਸੰਦੀਪ ਕੌਰ ਅਤੇ ਸੰਜੋਲੀ ਨੇ ਕਿਹਾ ਕਿ ਮਹਿੰਗਾਈ ਭੱਤਿਆਂ ਦੀਆਂ ਕਿਸ਼ਤਾਂ ਬਕਾਇਆ ਜਾਰੀ ਕੀਤਾ ਜਾਵੇ। ਰੋਸ ਪ੍ਰਦਰਸ਼ਨ ’ਚ ਸੂਬਾਈ ਪੈਨਸ਼ਨਰਜ਼ ਆਗੂ ਰਾਜ ਕੁਮਾਰ ਅਰੋੜਾ, ਰਵਿੰਦਰਪਾਲ ਗੁੱਡੂ, ਜਗਦੀਸ਼ ਸ਼ਰਮਾ ਵੱਲੋਂ ਵੀ ਸਾਥੀਆਂ ਸਮੇਤ ਸ਼ਮੂਲੀਅਤ ਕਰਦਿਆਂ ਕਿਹਾ ਕਿ ਸਮੁੱਚਾ ਪੈਨਸ਼ਨਰ ਵਰਗ ਮਨਿਸਟੀਰਅਲ ਮੁਲਾਜ਼ਮਾਂ ਦੇ ਹਰੇਕ ਸੰਘਰਸ਼ ਵਿੱਚ ਡਟਕੇ ਸਾਥ ਦੇਵੇਗਾ ਅਤੇ 16 ਅਕਤੂਬਰ ਨੂੰ ਮੁਹਾਲੀ ਵਿਖੇ ਹੋਣ ਵਾਲੀ ਰੈਲੀ ਵਿੱਚ ਪੰਜਾਬ ਦਾ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਵੇਗਾ। ਐਕਟਿੰਗ ਪ੍ਰਧਾਨ ਰਾਜਵੀਰ ਬਡਰੁੱਖਾਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਮੰਗਾਂ ਮੰਨਵਾਉਣ ਲਈ 16 ਅਕਤੂਬਰ ਨੂੰ ਮੁਹਾਲੀ ਵਿੱਚ ਵੱਡੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਸੂਬੇ ਭਰ ਦੇ ਮਨਿਸਟੀਰੀਅਲ ਮੁਲਾਜ਼ਮ ਅਤੇ ਪੈਨਸ਼ਨਰਾਂ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।