ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ ਤੇ ਰੋਸ ਮੁਜ਼ਾਹਰਾ

ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ ਤੇ ਰੋਸ ਮੁਜ਼ਾਹਰਾ

ਮਾਲੇਰਕੋਟਲਾ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ।

ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਅਗਸਤ

ਸਥਾਨਕ ਖਜ਼ਾਨਾ ਵਿਭਾਗ ਤਹਿਸੀਲ ਕੰਪਲੈਕਸ ਵਿਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਦਿੱਤੇ ਸੱਦੇ ’ਤੇ ਖਜ਼ਾਨਾ ਵਿਭਾਗ ਦੇ ਸਮੁੱਚੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਗਈ ਜੋ ਕਿ 14 ਅਗਸਤ ਤੱਕ ਜਾਰੀ ਰਹੇਗੀ। ਬਲਵਿੰਦਰ ਕੌਰ ਸੋਹੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਗਈ। ਸ੍ਰੀਮਤੀ ਸੋਹੀ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਮੁਲਾਜ਼ਮ ਮਾਰੂ ਫ਼ੈਸਲੇ ਕਰ ਕੇ ਨੋਟੀਫਿਕੇਸ਼ਨ ਜਾਰੀ ਕੀਤੇ ਜਾ ਰਹੇ ਹਨ ਜੋ ਕਿ ਬਰਦਾਸ਼ਤ ਨਹੀਂ ਕੀਤੇ ਜਾਣਗੇ। ਮੁਲਾਜ਼ਮਾਂ ਦੀਆਂ ਮੰਗਾਂ ਜਿੰਨ੍ਹਾਂ ਵਿੱਚ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਡੀਏ ਦੀਆਂ ਬਕਾਇਆ ਕਿਸ਼ਤਾਂ ਅਤੇ ਰਹਿੰਦੀਆਂ ਕਿਸ਼ਤਾਂ ਦਾ ਬਕਾਇਆ ਜਾਰੀ ਕਰਨਾ, ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨਾ ਆਦਿ ਸ਼ਾਮਲ ਹਨ ਨੂੰ ਮੰਨਿਆ ਨਹੀਂ ਜਾ ਰਿਹਾ। ਇਸ ਕਾਰਨ ਸਮੁੱਚੇ ਮੁਲਾਜ਼ਮ ਤਿੱਖੇ ਸੰਘਰਸ਼ ਕਰਨ ਲਈ ਮਜਬੂਰ ਹੋ ਰਹੇ ਹਨ।

 ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਅੱਜ ਐੱਸਡੀਐੱਮ ਦਫ਼ਤਰ ਮਾਲੇਰਕੋਟਲਾ ਅੱਗੇ ਪੀਐੱਸਐੱਮਐੱਸਯੂ ਦੇ ਜ਼ਿਲ੍ਹਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਦੀ ਅਗਵਾਈ ਵਿੱਚ ਤਹਿਸੀਲ ਮਾਲੇਰਕੋਟਲਾ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਨਿੱਤ ਦਿਨ ਲਾਗੂ ਕੀਤੇ ਜਾ ਰਹੇ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਦੀ ਨਿਖੇਧੀ ਕਰਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ  ਵਾਸਵੀਰ ਸਿੰਘ ਨੇ ਮੁਲਾਜ਼ਮਾਂ ਦੀਆਂ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਜਾਰੀ ਕਰਨ, ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ। ਜੇ ਇਸ ਸਮੇਂ ਦੌਰਾਨ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ 18 ਅਗਸਤ ਨੂੰ ਮੁਲਾਜ਼ਮ ਦਫ਼ਤਰਾਂ ਦਾ ਬਾਈਕਾਟ ਕਰ ਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਸੀਪੀਐੱਫ ਯੂਨੀਅਨ ਜ਼ਿਲ੍ਹਾ ਸੰਗਰੂਰ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਨੇ ਇਸ ਸੰਘਰਸ਼ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ।

ਇਸ ਉਪਰੰਤ ਤਹਿਸੀਲ ਮਾਲੇਰਕੋਟਲਾ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਪੰਨੂ ਚੇਅਰਮੈਨ, ਜਸਬੀਰ ਸਿੰਘ ਬਨਭੌਰਾ ਮੁੱਖ ਸਲਾਹਕਾਰ, ਮੁਹੰਮਦ ਸ਼ਰੀਫ  ਪ੍ਰਧਾਨ, ਦਲਵੀਰ ਸਿੰਘ, ਮਨਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ, ਸੰਦੀਪ ਕੌਰ ਸੋਹੀ, ਹਿਤੇਸ਼ ਕੁਮਾਰ ਸਹਾਇਕ ਖ਼ਜ਼ਾਨਚੀ, ਕਮਲਵੀਰ ਸਿੰਘ ਸੰਧੂ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All