ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 10 ਨਵੰਬਰ
ਪਿਛਲੇ ਕਰੀਬ ਇਕ ਮਹੀਨੇ ਤੋਂ ਆਪਣਾ ਰੁਜ਼ਗ਼ਾਰ ਬਚਾਉਣ ਲਈ ਧਰਨੇ ’ਤੇ ਬੈਠੇ ਗੈਸਟ ਫੈਕਲਟੀ ਲੈਕਚਰਾਰਾਂ ਦੀ ਹਾਲੇ ਤਕ ਸਰਕਾਰ ਨੇ ਸਾਰ ਨਹੀਂ ਲਈ। ਇਥੋਂ ਦੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਚ ਧਰਨੇ ’ਤੇ ਬੈਠੇ ਇਨ੍ਹਾਂ ਲੈਕਚਰਾਰਾਂ ਨਾਲ ਸੁਨਾਮ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਮੁਲਾਕਾਤ ਕੀਤੀ।
ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਦਮਗਜ਼ੇ ਮਾਰ ਰਹੀ ਹੈ ਜਦੋਂ ਕਿ ਦੂਜੇ ਪਾਸੇ ਪਿਛਲੇ ਕਰੀਬ 15 ਤੋਂ ਸਾਲਾਂ ਤੋਂ 906 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਅਯੋਗ ਕਰਾਰ ਦੇ ਕੇ ਉਨ੍ਹਾਂ ਦਾ ਰੁਜ਼ਗ਼ਾਰ ਖੋਹਣ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ 906 ਪਰਿਵਾਰਾਂ ਦੇ ਮੂੰਹੋਂ ਟੁੱਕਰ ਖੁੱਸ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਹ ਅਧਿਆਪਕ ਅਯੋਗ ਹਨ ਤਾਂ ਇਨ੍ਹਾਂ ਦੁਆਰਾ ਪਿਛਲੇ 15-18 ਸਾਲਾਂ ਦੌਰਾਨ ਪੜ੍ਹਾਏ ਵਿਦਿਆਰਥੀ ਅਯੋਗ ਹਨ। ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਤਰਕਸੰਗਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਇਸ ਵਿਧਾਨ ਸਭਾ ਸ਼ੈਸਨ ਵਿਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਇਸ ਮਸਲੇ ਨੂੰ ਉਠਾਉਣਗੇ ਤੇ ਸਰਕਾਰ ਤੇ ਦਬਾਅ ਬਣਾਇਆ ਜਾਵੇਗਾ ਕਿ ਉਹ ਇਨ੍ਹਾਂ ਪ੍ਰੋਫੈਸਰਾਂ ਨੂੰ ਰੈਗੁੂਲਰ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿਤੀ ਕਿ ਜੇਕਰ ਉਨ੍ਹਾਂ ਦੇ ਰੁਜ਼ਗ਼ਾਰ ਨੂੰ ਖੋਹਣ ਦੀਆਂ ਵਿਉਂਤਾਂ ਗੁੰਦੀਆਂ ਜਾਣੀਆਂ ਬੰਦ ਨਾ ਹੋਈਆਂ ਤਾਂ ਉਨ੍ਹਾਂ ਆਪਣੇ ਪਰਿਵਾਰਾਂ, ਵਿਦਿਆਰਥੀ ਜੱਥੇਬੰਦੀਆਂ ਅਤੇ ਹੋਰ ਭਰਾਤਰੀ ਜੱਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਆਰੰਭਿਆ ਜਾਵੇਗਾ।