ਪੱਤਰ ਪ੍ਰੇਰਕ
ਅਮਰਗੜ੍ਹ, 23 ਅਪਰੈਲ
ਅਧਿਆਪਕ ਦਲ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਕੁਲਵੰਤ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਵਿਚ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨਾਲ ਅਧਿਆਪਕਾਂ ਦੀਆਂ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਭਰੋਸਾ ਦਿੱਤਾ ਕਿ ਅਧਿਆਪਕਾਂ ਦੀਆਂ ਮੰਗਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱੱਖਿਆ ਮੰਤਰੀ ਨਾਲ ਵਿਚਾਰੀਆਂ ਜਾਣਗੀਆਂ ਤੇ ਇਨਾਂ ਦਾ ਹਲ ਜਲਦ ਹੀ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਅਧਿਆਪਕਾਂ ਦੀਆਂ ਮੰਗਾਂ ਤੋਂ ਜਾਣੂ ਹਨ। ਕੁਝ ਨਵੇਂ ਮਸਲਿਆਂ ਬਾਰੇ ਵਿਚਾਰ ਚਰਚਾ ਜ਼ਰੂਰੀ ਸੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭੈਣੀ ਨੇ ਕਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਤਬਦੀਲ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਸਾਰੇ ਕੱਚੇ ਮੁਲਾਜ਼ਮ ਸਿੱਖਿਆ ਕਰਮੀ, ਐਸਟੀਆਰ ਵਲੰਟੀਅਰ, ਮਿਡ-ਜੇ-ਮੀਲ ਕੁੱਕ ਵਰਕਰ ਨੂੰ ਰੈਗੂਲਰ ਕਰਨ, ਅਧਿਆਪਕਾਂ ਤੋਂ ਵਾਧੂ ਕੰਮ ਲੈਣੇ ਬੰਦ ਕਰਨ, ਪੇ-ਕਮਿਸ਼ਨ ਮੁਕੰਮਲ ਰੂਪ ਵਿਚ ਲਾਗੂ ਕਰਕੇ ਬਣਦਾ ਬਕਾਇਆ ਇੱਕ ਜਾਂ ਦੋ ਕਿਸ਼ਤਾ ’ਚ ਦੇਣ ਦੀ ਮੰਗ ਕੀਤੀ। ਇਸ ਮੌਕੇ ਪਰਮਜੀਤ ਚੀਮਾ, ਪ੍ਰਿੰਸੀਪਲ ਬਲਜੀਤ ਸਿੰਘ, ਵਾਈਸ ਪ੍ਰਿੰਸੀਪਪਲ ਜਸਵਿੰਦਰ ਸਿੰਘ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕ ਨੇ ਕੁੱਕ ਤੇ ਮਿਡ-ਡੇਅ ਮੀਲ ਬੀਬੀਆਂ ਨਾਲ ਗੱਲਬਾਤ ਵੀ ਕੀਤੀ।