ਪੱਤਰ ਪ੍ਰੇਰਕ
ਭਵਾਨੀਗੜ੍ਹ, 10 ਮਈ
ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਸੀਡੀਪੀਓ ਦਫਤਰ ਭਵਾਨੀਗੜ੍ਹ ਵਿੱਚ 129 ਬਜ਼ੁਰਗਾਂ, ਵਿਧਵਾਵਾਂ, ਅਪਾਹਜਾਂ ਅਤੇ ਨਿਆਸਰੇ ਬੱਚਿਆਂ ਨੂੰ ਪੈਨਸ਼ਨ ਦੇ ਮਨਜ਼ੂਰੀ ਪੱਤਰ ਵੰਡੇ ਗਏ। ਇਨ੍ਹਾਂ ਵਿਅਕਤੀਆਂ ਨੂੰ ਇਸੇ ਮਹੀਨੇ ਤੋਂ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਸ਼ੁਰੂ ਹੋ ਜਾਵੇਗੀ। ਇਸ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਚੋਣਾਂ ਦੌਰਾਨ ਐਲਾਨ ਕੀਤੀ ਗਈ ਗਾਰੰਟੀ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਆਪਣੇ ਕੰਮ ਲਈ ਨਿਝਜਕ ਹੋ ਕੇ ਜਾਓ। ਜੇਕਰ ਕੋਈ ਰਿਸ਼ਵਤ ਮੰਗਦਾ ਹੈ ਜਾਂ ਕੰਮ ਕਰਨ ਵਿੱਚ ਟਾਲਮਟੋਲ ਕਰਦਾ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ। ਵਿਧਾਇਕਾ ਨੇ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਨੀਵਾਂ ਹੋ ਜਾਣ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਕੁਦਰਤੀ ਖੇਤੀ ਕਰਨ ਅਤੇ ਘੱਟ ਪਾਣੀ ਵਾਲੀਆਂ ਫਸਲਾਂ ਨੂੰ ਤਰਜੀਹ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕੰਪਲੈਕਸ ਵਿੱਚ ਸਥਿਤ ਖੇਤੀਬਾੜੀ ਦਫ਼ਤਰ ਤੇ ਪਸ਼ੂ ਹਸਪਤਾਲ ਦਾ ਦੌਰਾ ਵੀ ਕੀਤਾ। ਇਸ ਮੌਕੇ ਮੈਡਮ ਨੇਹਾ ਸਿੰਘ ਸੀਡੀਪੀਓ, ਕਮਲ ਮਹਿੰਦਰ ਕੌਰ, ਡਾ. ਮਨਦੀਪ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਗੁਰਪ੍ਰੀਤ ਸਿੰਘ ਨਦਾਮਪੁਰ ਹਾਜ਼ਰ ਸਨ।