ਲਹਿਰਾਗਾਗਾ: ਹਲਕਾ ਲਹਿਰਾਗਾਗਾ ਦੇ ਅੱਧੀ ਦਰਜਨ ਤੋਂ ਵੱਧ ਦੇ ਪਿੰਡਾਂ ’ਚ ਵਾਪਰੀਆਂ ਅੱਗ ਲੱਗਣ ਦੀਆਂ ਵੱਖ ਵੱਖ ਘਟਨਾਵਾਂ ਦਾ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਜਾਇਜ਼ਾ ਲਿਆ। ਉਨ੍ਹਾਂ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਵਿਧਾਇਕ ਬਰਿੰਦਰ ਗੋਇਲ ਨੇ ਦੱਸਿਆ ਕਿ ਹਲਕੇ ਦੇ ਕਈ ਪਿੰਡਾਂ ਵਿੱਚ ਤੂੜੀ, ਨਾੜ ਆਦਿ ਨੂੰ ਅੱਗ ਲੱਗਣ ਨਾਲ ਲੋਕਾਂ ਦਾ ਮਾਲੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੁਝ ਪਰਿਵਾਰਾਂ ਦੀਆ ਮੱਝਾਂ ਵੀ ਇਸ ਅੱਗ ਦੀ ਲਪੇਟ ’ਚ ਆਉਣ ਨਾਲ ਮਾਰੀਆਂ ਗਈਆਂ ਅਤੇ ਕੁਝ ਝੁਲਸੀਆਂ ਗਈਆਂ। ਉਨ੍ਹਾਂ ਦੱਸਿਆ ਕਿ ਝੁਲਸੇ ਪਸ਼ੂਆਂ ਦੇ ਇਲਾਜ ਲਈ ਵੈਟਰਨਰੀ ਡਾਕਟਰਾਂ ਦੀਆਂ ਟੀਮਾਂ ਦੀਆਂ ਸਬੰਧਤ ਪਿੰਡਾਂ ਵਿੱਚ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਦਫਤਰ ਨਾਲ ਰਾਬਤਾ ਕਰਕੇ ਸਥਿਤੀ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਜਲਦੀ ਹੀ ਇਸ ਦੀ ਮੁਕੰਮਲ ਰਿਪੋਰਟ ਭੇਜ ਦਿੱਤੀ ਜਾਵੇਗੀ। -ਪੱਤਰ ਪ੍ਰੇਰਕ