ਪੱਤਰ ਪ੍ਰੇਰਕ
ਲਹਿਰਾਗਾਗਾ, 22 ਅਪਰੈਲ
ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਆੜ੍ਹਤੀਆਂ ਤੇ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਜਾਣਨ ਲਈ ਹਲਕਾ ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੇ ਨਾਲ ਪਿੰਡ ਕਾਲਬੰਜਾਰਾ, ਜਲੂਰ, ਰਾਏਧੜਾਨਾ, ਭੁਟਾਲ ਖੁਰਦ ਅਤੇ ਢੀਂਡਸਾ ਦੇ ਨਾਲ ਨਾਲ ਹੋਰਨਾਂ ਪਿੰਡਾਂ ਦੇ ਖਰੀਦ ਕੇਂਦਰਾਂ ਦਾ ਦੌਰਾ ਕਰ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਆੜ੍ਹਤੀਆਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ। ਵਿਧਾਇਕ ਗੋਇਲ ਵੱਲੋਂ ਖਰੀਦ ਕੇਂਦਰਾਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਲਈ ਵੱਖ-ਵੱਖ ਸਹੂਲਤਾਂ ਦਾ ਪ੍ਰਬੰਧ ਕਰਨ ਵਾਲੇ ਠੇਕੇਦਾਰ ਦੇ ਪ੍ਰਬੰਧਾਂ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਇਸ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਨੂੰ ਕਿਹਾ ਕਿ ਕਣਕ ਦੀ ਖਰੀਦ ਅਤੇ ਖਰੀਦ ਕੇਂਦਰਾਂ ਵਿੱਚ ਸਹੂਲਤਾਂ ਵਿੱਚ ਕੋਈ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।