ਰਮੇਸ਼ ਭਾਰਦਵਾਜ
ਲਹਿਰਾਗਾਗਾ, 16 ਜੁਲਾਈ
ਸਾਂਝਾ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਬਲਾਕ ਲਹਿਰਾਗਾਗਾ ਅਤੇ ਮੂਨਕ ਦੇ ਮਜ਼ਦੂਰਾਂ ਵੱਲੋਂ ਇੱਥੋਂ ਦੇ ਵਿਧਾਇਕ ਬਰਿੰਦਰ ਗੋਇਲ ਨੂੰ ਮਜ਼ਦੂਰਾਂ ਦੀਆਂ ਮੰਗਾ ਸਬੰਧੀ ਮੁੱਖ ਮੰਤਰੀ ਦੇ ਨਾਮ ਯਾਦ ਪੱਤਰ ਦਿੱਤਾ ਗਿਆ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਗੁਰਦਾਸ ਸਿੰਘ ਜਲੂਰ ਅਤੇ ਲੀਲਾ ਸਿੰਘ ਭੁਟਾਲ ਕਲਾਂ, ਦਰਸ਼ਨ ਸਿੰਘ ਤੇ ਬਲਵਿੰਦਰ ਸਿੰਘ ਚੰਗਾਲੀਵਾਲਾ ਨੇ ਕਿਹਾ ਕਿ ਸਾਂਝਾ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਪੰਜਾਬ ਭਵਨ ਚੰਡੀਗੜ੍ਹ ਵਿੱਚ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਜੁਲਾਈ ਦੇ ਪਹਿਲੇ ਹਫ਼ਤੇ ਮੁੜ ਮੀਟਿੰਗ ਕਰ ਕੇ ਸਾਰੇ ਮਸਲਿਆਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਜੁਲਾਈ ਦਾ ਪੂਰਾ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਪੰਜਾਬ ਵੱਲੋਂ ਆਗੂਆਂ ਨੂੰ ਮੀਟਿੰਗ ਦਾ ਕੋਈ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਮਜ਼ਦੂਰਾਂ ਵੱਲੋਂ ਆਪਣੇ ਹਿੱਸੇ ਦੀਆਂ ਪੰਚਾਇਤੀ ਅਤੇ ਨਜ਼ੂਲ ਜ਼ਮੀਨਾਂ, ਦਿਹਾੜੀ ਦੇ ਰੇਟ, ਪਲਾਟਾਂ, ਮਨਰੇਗਾ ਅਤੇ ਕਰਜ਼ੇ ਦੇ ਸਵਾਲ ਨੂੰ ਲੈ ਕੇ ਸਾਂਝਾ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸੰਘਰਸ਼ ਲੜਿਆ ਜਾ ਰਿਹਾ ਹੈ। ਇਸ ਮੌਕੇ ਇਲਾਕਾ ਸਕੱਤਰ ਮੱਖਣ ਸਿੰਘ ਜਲੂਰ, ਗੁਰਦਾਸ ਸਿੰਘ ਜਲੂਰ, ਦਰਸ਼ਨ ਸਿੰਘ ਭੁਟਾਲ ਕਲਾਂ, ਸਤਿਗੁਰ ਸਿੰਘ ਰਾਏਧਰਾਣਾ ਤੇ ਜਸਵੰਤ ਸਿੰਘ ਹਾਜ਼ਰ ਸਨ।