ਪੱਤਰ ਪ੍ਰੇਰਕ
ਲਹਿਰਾਗਾਗਾ, 31 ਮਈ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਹਲਕਾ ਲਹਿਰਾ ਤੋਂ ਵਿਧਾਇਕ ਐਡਵੋਕੇਟ ਵਰਿੰਦਰ ਗੋਇਲ ਨੇ ਨੇੜਲੇ ਪਿੰਡ ਰਾਮਗੜ੍ਹ ਸੰਧੂਆਂ ਵਿਖੇ ਬਾਰਸ਼ਾਂ ਮਗਰੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਸ਼ੁਰੂਆਤ ਕਰਵਾਈ। ਵਿਧਾਇਕ ਵਰਿੰਦਰ ਗੋਇਲ ਨੇ ਪਿੰਡ ਰਾਮਗੜ੍ਹ ਸੰਧੂਆਂ ਵਿਖੇ ਕਿਸਾਨ ਅਮਰੀਕ ਸਿੰਘ ਸਾਬਕਾ ਸਰਪੰਚ ਦੇ ਖੇਤ ਵਿੱਚ ਆਪ ਟਰੈਕਟਰ ਚਲਾ ਕੇ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ। ਗੋਇਲ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਧੀ ਬਿਜਾਈ ਨਾਲ ਜਿੱਥੇ ਹਜ਼ਾਰਾਂ ਰੁਪਏ ਪ੍ਰਤੀ ਏਕੜ ਬੱਚਤ ਹੁੰਦੀ ਹੈ ਉੱਥੇ ਧਰਤੀ ਹੇਠਲਾ ਪਾਣੀ ਵੱਡਮੁੱਲਾ ਪਾਣੀ ਵੀ ਬਚਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਪਾਰੰਪਰਿਕ ਫਸਲ ਚੱਕਰ ਤੋਂ ਬਾਹਰ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਐੱਸਡੀਐੱਮ ਨਾਭਾ ਨੇ ਟਰੈਕਟਰ ਚਲਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਆ
ਨਾਭਾ (ਪੱਤਰ ਪ੍ਰੇਰਕ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਰ ਵੱਤਰ ਜ਼ਮੀਨ ਹੇਠ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾਉਣ ਵਿੱਚ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਇਹ ਇੱਕ ਬਹੁਤ ਹੀ ਵਧੀਆ ਵਿਧੀ ਹੈ ਅਤੇ ਹਰ ਇਕ ਕਿਸਾਨ ਨੂੰ ਆਪਣੇ ਖੇਤ ਵਿੱਚ ਇੱਕ ਜਾਂ ਦੋ ਏਕੜ ਤਜ਼ਰਬੇ ਦੇ ਤੌਰ ’ਤੇ ਇਸ ਵਿਧੀ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਵੀ ਹੈ ਕਿਉਂਕਿ ਰਵਾਇਤੀ ਤਕਨੀਕ ਨਾਲ ਝੋਨਾ ਲਾਉਣ ਨਾਲ ਪਾਣੀ ਦੀ ਬਹੁਤ ਖਪਤ ਹੁੰਦੀ ਹੈ ਅਤੇ ਪਾਣੀ ਦਾ ਪੱਧਰ ਵੀ ਘੱਟ ਜਾਂਦਾ ਹੈ। ਖੇਤੀਬਾੜੀ ਅਫ਼ਸਰ ਨਾਭਾ ਡਾ. ਕੁਲਦੀਪ ਇੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਨਾਭਾ ਬਲਾਕ ਵਿੱਚ ਇਸ ਵਿਧੀ ਨੂੰ ਅਪਣਾਉਣ ਦਾ ਕਿਸਾਨਾਂ ਵਿੱਚ ਬਹੁਤ ਉਤਸ਼ਾਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਹੇਠਾਂ ਰਕਬਾ ਵਧਣਾ ਵੀ ਲਾਜ਼ਮੀ ਹੈ। ਮੌਕੇ ਉਪਰ ਡਾ. ਰਸ਼ਪਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨਾਭਾ ਵੱਲੋਂ ਇਸ ਵਿਧੀ ਵਿੱਚ ਵਰਤੇ ਜਾਣ ਵਾਲੇ ਨਦੀਨ ਨਾਸ਼ਕਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਲਾਕ ਨਾਭਾ ਦੇ ਅਗਾਂਹ ਵਧੂ ਕਿਸਾਨ ਮਨਦੀਪ ਸਿੰਘ, ਵੀਰਦਵਿੰਦਰ ਸਿੰਘ, ਅਵਤਾਰ ਸਿੰਘ ਚਾਸਵਾਲ ਵੱਲੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਤਕਨੀਕ ਦੇ ਫ਼ਾਇਦੇ ਦੱਸੇ।