ਵਿਧਾਇਕਾ ਵੱਲੋਂ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 9 ਜੁਲਾਈ
ਪਿੰਡ ਰਾਮਪੁਰਾ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਲਗਪਗ 1 ਕਰੋੜ 33 ਲੱਖ ਦੀ ਲਾਗਤ ਵਾਲੀ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਯੋਜਨਾ ਤਹਿਤ ਪਿੰਡ ਵਿੱਚ ਟਿਊਬਵੈੱਲ, ਟੈਂਕੀ, ਵਾਟਰ ਸਪਲਾਈ ਕੁਨੈਕਸ਼ਨ, ਸੋਲਰ ਪੈਨਲ ਤੇ ਹੋਰ ਲੋੜੀਂਦਾ ਸਾਜੋ ਸਾਮਾਨ ਸਰਕਾਰ ਵੱਲੋਂ ਲਾਇਆ ਜਾਵੇਗਾ ਅਤੇ ਕਲੋਰੀਨ ਪਾ ਕੇ ਹੀ ਪਾਣੀ ਲੋਕਾਂ ਤੱਕ ਸਪਲਾਈ ਕੀਤਾ ਜਾਵੇਗਾ। ਲੋਕਾਂ ਨੂੰ ਪੂਰਾ ਸ਼ੁੱਧ ਪਾਣੀ ਮਿਲੇਗਾ ਤੇ ਇਸ ਨਾਲ ਉਹ ਬਿਮਾਰੀਆਂ ਤੋਂ ਵੀ ਬਚੇ ਰਹਿਣਗੇ।
ਨੀਂਹ ਪੱਥਰ ਰੱਖਣ ਸਬੰਧੀ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਮੁਸ਼ਕਲਾਂ ਦੇ ਹੱਲ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸੇ ਲੜੀ ਤਹਿਤ ਇਹ ਪ੍ਰਾਜੈਕਟ ਲਿਆਂਦੇ ਗਏ ਹਨ, ਜਿਨ੍ਹਾਂ ਨੂੰ ਕਿ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤੇ ਪ੍ਰਾਜੈਕਟਾਂ ਦੇ ਮਿਆਰ ਬਾਬਤ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਇਹ ਪ੍ਰਾਜੈਕਟ ਤੈਅ ਸਮੇਂ ਵਿੱਚ ਪੂਰਾ ਕਰ ਕੇ ਲੋਕ ਅਰਪਿਤ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਤਰਲੋਕ ਸਿੰਘ, ਗੁਰਮੇਲ ਸਿੰਘ ਸਰਪੰਚ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।