MLA ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਰੇਤਗੜ੍ਹ ਵਿੱਚ ਖੇਡ ਮੈਦਾਨ ਦਾ ਉਦਘਾਟਨ
ਲਗਪਗ 85.46 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਆਧੁਨਿਕ ਖੇਡ ਮੈਦਾਨ
ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਰੇਤਗੜ੍ਹ ਵਿਖੇ ਲਗਪਗ 85.46 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਨਿਖਾਰਨ ਲਈ ਵਧੀਆ ਮੌਕੇ ਪ੍ਰਾਪਤ ਹੋਣਗੇ। ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਸਟੇਡੀਅਮ ਵਿੱਚ ਦੌੜ ਟਰੈਕ, ਖੇਡ ਮੈਦਾਨ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਨਾਲ ਖੇਡ ਪ੍ਰੇਮੀ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ।
ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵੱਲ ਰੁਝਾਨ ਵਧਾਉਣ ਅਤੇ ਆਪਣੇ ਜੀਵਨ ਨੂੰ ਸਿਹਤਮੰਦ ਅਤੇ ਅਨੁਸ਼ਾਸਿਤ ਬਣਾਉਣ। ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵਿਕਾਸੀ ਪ੍ਰੋਜੈਕਟ ਵੀ ਲਾਗੂ ਕੀਤੇ ਜਾਣਗੇ। ਇਸ ਮੌਕੇ ਸਰਪੰਚ ਰਾਜਵੀਰ ਕੌਰ ਅਤੇ ਪਿੰਡ ਵਾਸੀਆਂ ਨੇ ਵਿਧਾਇਕਾ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਖੇਡ ਮੈਦਾਨ ਬਣਨ ਨਾਲ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਨਵੀਂ ਪ੍ਰੇਰਣਾ ਮਿਲੇਗੀ।

