ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 31 ਅਕਤੂਬਰ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਨੌਕਰੀ ਕਰ ਰਹੇ ਮਨਰੇਗਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਤੇਜ਼ ਕਰਨ ਲਈ ਅੱਜ ਨਰੇਗਾ ਕਰਮਚਾਰੀ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਦਿੜ੍ਹਬਾ ਵਿੱਚ ਹੋਈ। ਮੀਟਿੰਗ ਉਪਰੰਤ ਸੂਬਾ ਚੇਅਰਮੈਨ ਰਣਧੀਰ ਸਿੰਘ ਧੀਮਾਨ ਤੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਘੁਮਾਣ ਨੇ ਦੱਸਿਆ ਕਿ ਮਨਰੇਗਾ ਮੁਲਾਜ਼ਮ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਪਿਛਲੇ 15 ਸਾਲਾਂ ਤੋਂ ਮਨਰੇਗਾ ਤਹਿਤ ਵੱਖ-ਵੱਖ ਕੱਚੀਆਂ ਅਸਾਮੀਆਂ ਤੇ ਸੇਵਾਵਾਂ ਦੇ ਰਹੇ ਹਨ। ਸਮੁੱਚੇ ਮਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਮੁਲਾਜ਼ਮਾਂ ਦੀ ਭਰਤੀ ਲਈ ਅਪਣਾਏ ਜਾਂਦੇ ਤੈਅ ਮਾਪਦੰਡਾਂ ਅਨੁਸਾਰ ਹੀ ਹੋਈ ਹੈ ਤੇ ਮਨਰੇਗਾ ਮੁਲਾਜ਼ਮਾਂ ਦੀ ਸਾਰੀ ਤਨਖ਼ਾਹ ਕੰਟਨਜੰਸੀ ਦੇ ਰੂਪ ਵਿੱਚ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ ਇਸ ਲਈ ਕੋਈ ਵਿੱਤੀ ਬੋਝ ਵੀ ਪੰਜਾਬ ਸਰਕਾਰ ਦੇ ਖਜ਼ਾਨੇ ਉੱਪਰ ਨਹੀਂ ਪੈਂਦਾ। ਉਨ੍ਹਾਂ ਦੱਸਿਆ ਕਿ ਦਿਹਾਤੀ ਖੇਤਰ ਦੇ 70% ਵਿਕਾਸ ਕਾਰਜ ਅੱਜ ਮਨਰੇਗਾ ਤਹਿਤ ਹੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੂਜੇ ਸੂਬਿਆਂ ਵਿੱਚ 36000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਦਾਅਵਾ ਕਰ ਰਹੇ ਹਨ ਪ੍ਰੰਤੂ ਉਨ੍ਹਾਂ ਦੇ ਆਪਣੇ ਘਰ ਪੰਜਾਬ ਵਿੱਚ ਮਨਰੇਗਾ ਮੁਲਾਜ਼ਮ 15 ਸਾਲਾਂ ਤੋਂ ਕੱਚੇ ਫਿਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਮਨਰੇਗਾ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਅਜੇ ਤੱਕ ਮੁੱਖ ਮੰਤਰੀ ਨੇ ਖ਼ੁਦ ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਅਤੇ ਨਾ ਹੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਮਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਚਾਰਜੋਈ ਕੀਤੀ ਹੈ, ਜਿਸ ਕਰਕੇ ਸਰਕਾਰ ਦੀ ਇਸ ਵਾਅਦਾ ਖਿਲਾਫੀ ਤੋਂ ਅੱਕੇ ਪੰਜਾਬ ਦੇ ਸਮੂਹ ਮਨਰੇਗਾ ਮੁਲਾਜ਼ਮਾਂ ਵੱਲੋਂ ਹੁਣ ਸੰਘਰਸ਼ ਤੇਜ਼ ਕੀਤਾ ਜਾਵੇਗਾ ਤੇ 5 ਨਵੰਬਰ ਨੂੰ ਧੂਰੀ ’ਚ ਮਨਰੇਗਾ ਕਰਮਚਾਰੀ ਯੂਨੀਅਨ ਦੀ ਵਿਸ਼ਾਲ ਸੂਬਾਈ ਕਨਵੈਨਸ਼ਨ ਕੀਤੀ ਜਾਵੇਗੀ। ਇਸ ਵਿੱਚ ਸੇਵਾਵਾਂ ਰੈਗੂਲਰ ਹੋਣ ਤੱਕ ਸੰਘਰਸ਼ ਜਾਰੀ ਰੱਖਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਮੌਕੇ ਜੀਵਨ ਕੁਮਾਰ, ਬਿੱਕਰ ਸਿੰਘ, ਜਸਵੀਰ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।