ਪੱਤਰ ਪ੍ਰੇਰਕ
ਭਵਾਨੀਗੜ੍ਹ, 2 ਨਵੰਬਰ
ਪਿਛਲੇ ਪੰਦਰਾਂ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ਅਤੇ ਆਰਜ਼ੀ ਅਸਾਮੀਆਂ ’ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਨੌਕਰੀ ਕਰ ਰਹੇ ਮਨਰੇਗਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ।
ਇੱਥੇ ਬਲਾਕ ਸਮਿਤੀ ਵਿੱਚ ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਕਰਨ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਤੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਸਤੌਜ ਨੇ ਦੱਸਿਆ ਕਿ ਮਨਰੇਗਾ ਮੁਲਾਜ਼ਮ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਪਿਛਲੇ 15 ਸਾਲਾਂ ਤੋਂ ਮਨਰੇਗਾ ਤਹਿਤ ਵੱਖ-ਵੱਖ ਕੱਚੀਆਂ ਅਸਾਮੀਆਂ ’ਤੇ ਸੇਵਾਵਾਂ ਦੇ ਰਹੇ ਹਨ। ਉਨਾਂ ਦੱਸਿਆ ਕਿ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਮਨਰੇਗਾ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅਜੇ ਤੱਕ ਮੁੱਖ ਮੰਤਰੀ ਨੇ ਖ਼ੁਦ ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਨਹੀਂ ਦਿੱਤਾ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮੰਗਾਂ ਸਬੰਧੀ ਹੁਣ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ, ਜਿਸ ਦੀ ਲੜੀ ਤਹਿਤ 5 ਨਵੰਬਰ ਨੂੰ ਧੂਰੀ ਵਿੱਚ ਨਰੇਗਾ ਕਰਮਚਾਰੀ ਯੂਨੀਅਨ ਦੀ ਵਿਸ਼ਾਲ ਸੂਬਾਈ ਕਨਵੈਨਸ਼ਨ ਕੀਤੀ ਜਾਵੇਗੀ।