ਧੂਰੀ ’ਚ ਸੂਬਾਈ ਰੈਲੀ ਲਈ ਲਾਮਬੰਦੀ
ਅੱਜ ਇੱਥੇ ਤਿਆਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੰਗਾਲੀਵਾਲਾ, ਸਰਬਜੀਤ ਸਿੰਘ ਪੁੰਨਾਵਾਲ, ਮਾਲਵਿੰਦਰ ਸਿੰਘ ਸੰਧੂ, ਦੇਵੀ ਦਿਆਲ ਅਤੇ ਬਲਦੇਵ ਸਿੰਘ ਬਡਰੁੱਖਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੇਂਦਰ ਅਤੇ ਗਵਾਂਢੀ ਸੂਬਿਆਂ ਦੀਆਂ ਸਰਕਾਰਾਂ ਨਾਲੋਂ 16 ਫੀਸਦੀ ਮਹਿੰਗਾਈ ਭੱਤਾ ਘੱਟ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਦੇਣ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ, ਆਂਗਣਵਾੜੀ ਅਤੇ ਮਿੱਡ-ਡੇਅ ਮੀਲ ਕੁੱਕ, ਮਾਣ ਭੱਤਾ ਵਰਕਰਾਂ ਅਤੇ ਆਸ਼ਾ ਤੇ ਫੈਸਿਲਿਟੇਟਰ ’ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ, ਕੱਚੇ, ਆਊਟਸੋਰਸ, ਇਨਲਿਸਟਮੇਂਟ ਅਤੇ ਵੱਖ-ਵੱਖ ਸੁਸਾਇਟੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ, 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਉੱਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ, ਪੇਂਡੂ ਤੇ ਬਾਰਡਰ ਏਰੀਆ ਸਣੇਕੱਟੇ ਗਏ ਸਾਰੇ ਭੱਤੇ ਅਤੇ ਏ ਸੀ ਪੀ ਬਹਾਲ ਕਰਨ, ਪਰਖ ਕਾਲ ਦੌਰਾਨ ਮੁੱਢਲੀ ਤਨਖਾਹ ਦੇਣ ਦਾ ਫ਼ੈਸਲਾ ਰੱਦ ਕਰਨ, ਮਹਿੰਗਾਈ ਭੱਤੇ ਅਤੇ ਛੇਵੇਂ ਤਨਖਾਹ ਕਮਿਸ਼ਨ ਤਹਿਤ ਬਣਦੇ ਬਕਾਏ ਜਾਰੀ ਕਰਨ ਤੋਂ ਟਾਲਾ ਵੱਟ ਰਹੀ ਹੈ। ਇਸ ਮੌਕੇ ਜਗਜੀਤ ਸਿੰਘ ਭੱਠਲ, ਕਰਨ ਪ੍ਰਤਾਪ ਸਿੰਘ, ਸਰਵਨ ਸਿੰਘ, ਸੀਆ ਰਾਮ, ਜੱਗਾ ਸਿੰਘ, ਮੇਜਰ ਸਿੰਘ ਅਤੇ ਪਰਮਜੀਤ ਸੁਨਾਮ ਹਾਜ਼ਰ ਸਨ।
