ਪੱਤਰ ਪ੍ਰੇਰਕ
ਭਵਾਨੀਗੜ੍ਹ, 14 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ 15 ਅਕਤੂਬਰ ਨੂੰ ਕੀਤੀ ਜਾਣ ਵਾਲੀ ਲਲਕਾਰ ਰੈਲੀ ਦੀ ਤਿਆਰੀ ਸਬੰਧੀ ਬਲਾਕ ਭਵਾਨੀਗੜ੍ਹ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੌਕ ਦੀ ਅਗਵਾਈ ਹੇਠ ਪਿੰਡ ਘਰਾਚੋਂ ਵਿੱਚ ਮੀਟਿੰਗ ਕੀਤੀ ਗਈ।
ਬਲਾਕ ਜਨਰਲ ਸਕੱਤਰ ਜਸਬੀਰ ਸਿੰਘ ਗੱਗੜਪੁਰ ਅਤੇ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਯੂਨੀਅਨ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਲਗਾਏ ਪੱਕੇ ਮੋਰਚੇ ਨੂੰ ਹੋਰ ਭਖਾਉਣ ਲਈ 15 ਅਕਤੂਬਰ ਨੂੰ ਲਲਕਾਰ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਪਿੰਡ ਇਕਾਈਆਂ ਦੇ ਆਗੂਆਂ ਨੂੰ ਬੇਨਤੀ ਕੀਤੀ ਕਿ ਵੱਡੀ ਪੱਧਰ ’ਤੇ ਪਿੰਡਾਂ ਵਿੱਚੋਂ ਕਿਸਾਨ, ਮਜ਼ਦੂਰ, ਨੌਜਵਾਨ ਤੇ ਮਾਵਾਂ-ਭੈਣਾਂ ਦੀ ਲਲਕਾਰ ਰੈਲੀ ਵਿੱਚ ਸ਼ਮੂਲੀਅਤ ਕਰਵਾਈ ਜਾਵੇ।
ਉਨ੍ਹਾਂ ਦੱਸਿਆ ਕਿ ਇਹ ਮੋਰਚਾ ਲੰਬਾ ਵੀ ਚੱਲ ਸਕਦਾ ਹੈ। ਇਸ ਪੱਕੇ ਪ੍ਰਬੰਧ ਕਰਕੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਜਾਵੇ। ਇਸੇ ਦੌਰਾਨ ਯੂਨੀਅਨ ਦੇ ਸੂਬਾਈ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਲਲਕਾਰ ਦਿਵਸ ਵਿੱਚ ਪਿੰਡਾਂ ਵਿੱਚੋਂ ਵੱਡੇ ਕਾਫ਼ਲਿਆਂ ਦੇ ਰੂਪ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।