ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ
ਸੁਨਾਮ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਰੰਭੇ ਕਿਸਾਨ ਮੋਰਚਿਆਂ ਦਾ ਅੱਜ 34ਵਾਂ ਦਿਨ ਸਰਕਾਰ ਖ਼ਿਲਾਫ਼ ਤਕਰੀਰਾਂ ਨਾਲ ਮਘਿਆ ਰਿਹਾ। ਅੱਜ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸਾਂ ਨਾਲ ਪਹਿਲਾਂ ਹੀ ਤਪੇ ਕਿਸਾਨਾਂ ਨੂੰ ਸਰਕਾਰ ਪਰਾਲੀ ਸਾੜਨ ਬਦਲੇ ਕਰੋੜਾਂ ਰੁਪਏ ਦਾ ਜੁਰਮਾਨਾ ਕਰਕੇ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਲੋਕ ਇਸ ਤਰ੍ਹਾਂ ਖ਼ਤਮ ਨਹੀਂ ਹੋਣਗੇ। ਆਗੂਆਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਨੂੰ ਔਰੰਗਿਆਂ, ਅਬਦਾਲੀਆਂ ਤੇ ਗੋਰਿਆਂ ਨੇ ਖਤਮ ਕਰਨ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆਂ ਪਰ ਇਨ੍ਹਾਂ ਦੇ ਸੰਘਰਸ਼ ਨੂੰ ਕਦੇ ਖ਼ਤਮ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਮੋਦੀ ਦੀ ਕੇਂਦਰ ਸਰਕਾਰ ਆਰਡੀਨੈਂਸ ਲਿਆ ਕੇ ਪੰਜਾਬ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ ਪਰ ਕਿਸਾਨ ਇਸ ਮਨਸੂਬੇ ਨੂੰ ਕਦੇ ਸਫਲ ਨਹੀਂ ਹੋਣ ਦੇਣਗੇ।
ਉਨ੍ਹਾਂ ਕਿਹਾ ਕਿ ਪਰਾਲੀ ਦੇ ਝੋਨੇ ਨੂੰ ਲੈ ਕੇ ਕੇਂਦਰ ਵੱਲੋਂ ਬਣਾਏ ਗਏ ਕਾਲੇ ਕਾਨੂੰਨ ਦੀ ਜਥੇਬੰਦੀ ਸਖ਼ਤ ਨਿਖੇਧੀ ਕਰਦੀ ਹੈ। ਆਗੂਆਂ ਨੇ ਕਿਹਾ ਕਿ ਪਰਾਲੀ ਦੀ ਅੱਗ ਨੂੰ ਲੈ ਕੇ ਕਿਸੇ ਵੀ ਕਿਸਾਨ ਖ਼ਿਲਾਫ਼ ਕੇਸ ਨਹੀਂ ਹੋਣ ਦਿੱਤਾ ਜਾਵੇਗਾ। ਜੇ ਸਰਕਾਰ ਦਾ ਕੋਈ ਅਧਿਕਾਰੀ ਖੇਤਾਂ ਵਿੱਚ ਆਉਂਦਾ ਹੈ ਤਾਂ ਕਿਸਾਨ ਉਸ ਦਾ ਵਿਰੋਧ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਰਾਮਸਰਨ ਸਿੰਘ ਉਗਰਾਹਾਂ, ਗੁਰਮੇਲ ਸ਼ਾਹਪੁਰ, ਅਜੈਬ ਜਖੇਪਲ, ਸੁਖਪਾਲ ਮਾਣਕ ਕਣਕਵਾਲੀਆ ਆਦਿ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ।