ਹਰਦੀਪ ਸਿੰਘ ਸੋਢੀ
ਧੂਰੀ, 11 ਅਪਰੈਲ
ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ 193ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕੇਂਦਰ ਸਰਕਾਰ, ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਪੋਰੇਟ ਘਰਾਣਿਆਂ ਦੀ ਬੋਲੀ ਬੋਲ ਕੇ ਕਿਸਾਨਾਂ ਦੇ ਹੱਕ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿਸਾਨਾਂ ਦੇ ਧਰਨੇ ਉਨਾ ਚਿਰ ਜਾਰੀ ਰਹਿਣਗੇ, ਜਿਨ੍ਹਾਂ ਚਿਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਮਨ ਕੀ ਬਾਤ ਪ੍ਰੋਗਰਾਮ ਮਹਿਜ਼ ਇੱਕ ਡਰਾਮਾ ਹੈ, ਉਨ੍ਹਾਂ ਨੂੰ ਕਿਸਾਨਾਂ ਦੇ ਮਨ ਕੀ ਬਾਤ ਵੀ ਸੁਣ ਲੈਣੀ ਚਾਹੀਦੀ ਹੈ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਸੁਖਦੇਵ ਸ਼ਰਮਾ, ਭਰਭੂਰ ਸਿੰਘ, ਰਾਮ ਸਿੰਘ ਕੱਕੜਵਾਲ, ਗੁਰੀ ਮਾਨ ਧੂਰੀ, ਮਹਿੰਦਰ ਸਿੰਘ ਭਸੋੜ, ਗੁਰਮੀਤ ਕੌਰ, ਚਰਨਜੀਤ ਸਿੰਘ ਹਥਨ ਵੀ ਹਾਜ਼ਰ ਸਨ।