ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 23 ਅਕਤੂਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਦਿੱਤੇ ਸੱਦੇ ’ਤੇ ਯੂਨੀਅਨ ਦੀ ਬਲਾਕ ਮਾਲੇਰਕੋਟਲਾ ਇਕਾਈ ਵੱਲੋਂ ਸਥਾਨਕ ਧੂਰੀ -ਮਾਲੇਰਕੋਟਲਾ ਸੜਕ ਸਥਿਤ ਰਿਲਾਇੰਸ ਦੇ ਪੈਟਰੋਲ ਪੰਪ ਅੱਗੇ ਚੱਲ ਰਿਹਾ ਧਰਨਾ ਅੱਜ 23ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਯੂਨੀਅਨ ਦੀ ਇਸਤਰੀ ਵਿੰਗ ਦੇ ਸੂਬਾਈ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਯੂਨੀਅਨ ਵੱਲੋਂ 25 ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਰਾਵਣ ਦੀ ਥਾਂ ਨਰਿੰਦਰ ਮੋਦੀ, ਜੇਪੀਨੱਢਾ, ਅਮਿਤ ਸ਼ਾਹ, ਅੰਬਾਨੀ ਅਤੇ ਅਡਾਨੀ ਦੇ ਪੁਤਲੇ ਫ਼ੂਕੇ ਜਾਣਗੇ। ਇਸ ਸਬੰਧੀ ਸ਼ਹਿਰ ਅੰਦਰ ਆਮ ਸ਼ਹਿਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਟੌਲ ਪਲਾਜ਼ਾ ਮਾਝੀ, ਟੌਲ ਪਲਾਜ਼ਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿੱਚ ਅੱਜ 23ਵੇਂ ਦਿਨ ਵੀ ਧਰਨੇ ਜਾਰੀ ਰਹੇ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਸਥਿਤ ਟੌਲ ਪਲਾਜ਼ਾ ਮਾਝੀ ਵਿੱਚ ਲਗਾਏ ਧਰਨੇ ਨੂੰ ਸੰਬੋਧਨ ਕੀਤਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਕਾਲਾਝਾੜ ਟੌਲ ਪਲਾਜ਼ਾ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿੱਚ ਚੱਲ ਰਹੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਨੇੜਲੇ ਪਿੰਡ ਘਰਾਚੋਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੀ ਹਾਜ਼ਰੀ ਵਿੱਚ ਪਿੰਡ ਦੇ ਇਕ ਦਰਜਨ ਵਿਅਕਤੀਆਂ ਨੇ ਕੁੱਝ ਸਮਾਂ ਪਹਿਲਾਂ ਭਾਜਪਾ ਆਗੂਆਂ ਵੱਲੋਂ ਦਿੱਤੇ ਪਟਕਿਆਂ ਨੂੰ ਲਾਹ ਕੇ ਫੂਕਿਆ ਗਿਆ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਖੇਤੀ ਕਾਨੂੰਨ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਿਲਾਇੰਸ ਪੈਟਰੋਪ ਪੰਪ ਅੱਗੇ ਚੱਲ ਰਿਹਾ ਧਰਨਾ ਜਾਰੀ ਹੈ। ਲਹਿਰਾਗਾਗਾ ਸ਼ਹਿਰ ਦੀਆਂ ਸ਼ਹਿਰੀ ਅਤੇ ਜਨਤਕ ਜਥੇਬੰਦੀਆਂ ਵੱਲੋਂ ਕਿਸਾਨ ਘੋਲ਼ ਦਾ ਸਮਰਥਨ ਕੀਤਾ ਗਿਆ।
ਬਲਾਕ ਪ੍ਰਧਾਨ ਧਰਮਿੰਦਰ ਪਿਸ਼ੌਰ, ਬਹਾਦਰ ਭੁਟਾਲ ਅਤੇ ਮਾਸਟਰ ਗੁਰਚਰਨ ਖੋਖਰ ਨੇ ਦੱਸਿਆ ਕਿ ਦਸਹਿਰੇ ਮੌਕੇ ਸ਼ਹਿਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਰਪੋਰੇਟ ਘਰਾਣਿਆਂ ਅਤੇ ਸਾਮਰਾਜੀਆਂ ਦੇ ਦਿਓਕੱਦ ਪੁਤਲੇ ਫੂਕੇ ਜਾਣਗੇ।
ਭਾਜਪਾ ਨੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ: ਚੰਦੂਮਾਜਰਾ
ਦੇਵੀਗੜ੍ਹ (ਮੁਖਤਿਆਰ ਿਸੰਘ ਨੌਗਾਵਾਂ): ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਖਿਲਾਫ਼ ਬਣਾਏ ਕਾਲੇ ਕਾਨੂੰਨਾਂ ਖ਼ਿਲਾਫ਼ ਲੜ ਰਹੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵਿਚੋਲਿਆਂ ਵੱਲੋਂ ਚਲਾਏ ਜਾ ਰਹੇ ਅੰਦੋਲਨ ਦੱਸ ਕੇ ਕਿਸਾਨਾਂ ਦੇ ਅੱਲ੍ਹੇ ਜ਼ਖਮਾਂ ’ਤੇ ਲੂਣ ਛਿੜਕ ਰਹੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਵਾਲੀ ਸਰਕਾਰ ਨੇ ਪਹਿਲਾਂ ਹੀ ਖ਼ਿਲਾਫ਼ ਕਾਲੇ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਮਰਨ ਕਿਨਾਰੇ ਛੱਡ ਦਿੱਤਾ ਹੈ। ਉਹ ਇੱਥੇ ਹਲਕਾ ਸਨੌਰ ਦੇ ਪਿੰਡ ਰੌਹੜ ਜਗੀਰ, ਪੰਜੇਟਾਂ, ਬਲਬੇੜਾ, ਮਹਿਮੂਦਪੂਰ ਜੱਟਾਂ, ਬਹਾਦਰਗੜ੍ਹ ਵਿੱਚ ਵੱਖ-ਵੱਖ ਸਮਾਜਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਉਪਰੰਤ ਗੱਲਬਾਤ ਕਰਦਿਆਂ ਕੀਤਾ।
ਅੰਗਹੀਣਾਂ ਤੇ ਵਿਧਵਾਵਾਂ ਵੱਲੋਂ ਕਿਸਾਨ ਸੰਘਰਸ਼ ਦਾ ਸਮਰਥਨ
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ) : ਏਕਤਾ ਹੈਂਡੀਕੈਪਡ ਐਂਡ ਵਿਧਵਾ ਵੈੱਲਫੇਅਰ ਸੁਸਾਇਟੀ ਰਜਿ. ਮਾਲੇਰਕੋਟਲਾ ਦੀ ਮੀਟਿੰਗ ਪ੍ਰਧਾਨ ਮਹਿਮੂਦ ਅਹਿਮਦ ਥਿੰਦ ਦੀ ਪ੍ਰਧਾਨਗੀ ਹੇਠ ਹੋਈ। ਜਥੇਬੰਦੀ ਨੇ ਸਰਬਸੰਮਤੀ ਨਾਲ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕੀਤਾ। ਸੁਸਾਇਟੀ ਨੇ ਫ਼ੈਸਲਾ ਕੀਤਾ ਕਿ ਸੁਸਾਇਟੀ ਅੰਗਹੀਣ ਅਤੇ ਵਿਧਵਾ ਔਰਤਾਂ ਸਮੇਤ ਕਿਸਾਨ ਯੂਨੀਅਨ ਦੇ 25 ਅਕਤੂਬਰ ਦੇ ਐਕਸ਼ਨ ਵਿੱਚ ਸ਼ਾਮਲ ਹੋਵੇਗੀ।