Mohanjit Singh Sheron Case: ਅੱਜ ਤੋਂ ਸਿਆਸੀ ਪਾਰਟੀਆਂ ਧਰਨੇ ਦੇਣਗੀਆਂ
ਪਿੰਡ ਸ਼ੇਰੋਂ ਦੇ ਮੋਹਣਜੀਤ ਸਿੰਘ ਅਤੇ ਪਿੰਡ ਤੂਰਬੰਜਾਰਾ ਦੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਸੰਘਰਸ਼ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣ ਦੇ ਉਲੀਕੇ ਸੰਘਰਸ਼ ਤਹਿਤ ਅੱਜ ਪੰਜਵੇਂ ਦਿਨ...
ਪਿੰਡ ਸ਼ੇਰੋਂ ਦੇ ਮੋਹਣਜੀਤ ਸਿੰਘ ਅਤੇ ਪਿੰਡ ਤੂਰਬੰਜਾਰਾ ਦੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਸੰਘਰਸ਼ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣ ਦੇ ਉਲੀਕੇ ਸੰਘਰਸ਼ ਤਹਿਤ ਅੱਜ ਪੰਜਵੇਂ ਦਿਨ ਲੜੀਵਾਰ ਧਰਨਾ ਦਿੱਤਾ ਗਿਆ। ਧਰਨੇ ’ਚ ਸੰਘਰਸ਼ ਕਮੇਟੀ ਦੇ ਆਗੂਆਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। 27 ਸਤੰਬਰ ਤੋਂ ਰਾਜਨੀਤਕ ਪਾਰਟੀਆਂ ਵਾਰੀ ਅਨੁਸਾਰ ਲੜੀਵਾਰ ਧਰਨੇ ਦੀ ਜ਼ਿੰਮੇਵਾਰੀ ਸੰਭਾਲਣਗੀਆਂ।
ਧਰਨੇ ’ਚ ਮੋਹਣਜੀਤ ਇਨਸਾਫ਼ ਸੰਘਰਸ਼ ਕਮੇਟੀ ਦੇ ਆਗੂਆਂ, ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਹਰਮਨਪ੍ਰੀਤ ਸਿੰਘ ਡਿੱਕੀ ਜੇਜੀ, ਐਡਵੋਕੇਟ ਮਨਪ੍ਰੀਤ ਸਿੰਘ ਨਮੋਲ, ਗੁਰਪ੍ਰੀਤ ਸਿੰਘ ਰੱਤੋਕੇ, ਮਾਸਟਰ ਬਲਦੇਵ ਸਿੰਘ ਸ਼ੇਰੋਂ ਅਤੇ ਖ਼ੁਦ ਮੋਹਣਜੀਤ ਸਿੰਘ ਨੇ ਸ਼ਮੂਲੀਅਤ ਕੀਤੀ।
ਬੁਲਾਰਿਆਂ ਦੋਸ਼ ਲਾਇਆ ਕਿ ਪਿਛਲੇ ਪੰਜ ਦਿਨਾਂ ਤੋਂ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੀੜਤ ਧਿਰ ਇਨਸਾਫ਼ ਲਈ ਧਰਨੇ ’ਤੇ ਬੈਠੀ ਹੈ। ਸਰਕਾਰ ਪੀੜਤ ਧਿਰ ਦੀ ਸੁਣਵਾਈ ਕਰਨ ਦੀ ਬਜਾਏ ਮੁਲਜ਼ਮਾਂ ਦੇ ਹੱਕ ਵਿੱਚ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਕਦੇ ਵੀ ਜ਼ੋਰ ਨਾਲ ਦਬਾਇਆ ਨਹੀਂ ਜਾ ਸਕਦਾ। ਐਡਵੋਕੇਟ ਨਮੋਲ ਨੇ ਕਿਹਾ ਕਿ ਕਾਨੂੰਨ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਹੀ ਲੋਕਾਂ ਨੂੰ ਸੰਘਰਸ਼ਾਂ ਦਾ ਰਾਹ ਅਖ਼ਤਿਆਰ ਕਰਨਾ ਪੈਂਦਾ ਹੈ। ਆਗੂਆਂ ਨੇ ਮੰਗ ਕੀਤੀ ਕਿ ਮੋਹਣਜੀਤ ਸਿੰਘ ਉੱਪਰ ਕਥਿਤ ਪੁਲੀਸ ਤਸ਼ੱਦਦ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਅਤੇ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਵਿੱਚ ਮਰਨ ਤੋਂ ਪਹਿਲਾਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਮੰਤਰੀ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਜਾਵੇ।

