ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 18 ਮਾਰਚ
ਸ਼ਹੀਦ ਭਗਤ ਸਿੰਘ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ 21 ਮਾਰਚ ਨੂੰ ਸੁਨਾਮ ਵਿੱਚ ਹੋਣ ਵਾਲੀ ਸਮਾਗਮ ਦੀ ਤਿਆਰੀ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਹਰੀ ਦੀ ਅਗਵਾਈ ਹੇਠ ਦਿੜ੍ਹਬਾ ਬਲਾਕ ਦੇ ਪਿੰਡਾਂ ਵਿੱਚ ਮੋਟਰ ਸਾਈਕਲ ਰੈਲੀ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ਨੌਜਵਾਨਾਂ ਨੇ ਹਿੱਸਾ ਲਿਆ। ਰੈਲੀ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਨ ਦਰਸ਼ਨ ਸਿੰਘ ਸ਼ਾਦੀਹਰੀ ਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਟੈਕਸ ਲਾ ਕੇ ਦੇਸ਼ ਦੇ ਕਿਰਤੀ ਲੋਕਾਂ ਦੀ ਦੋਹੇਂ ਹੱਥੀ ਲੁੱਟ ਕੀਤੀ ਜਾ ਰਹੀ ਹੈ ਤੇ ਅੰਗਰੇਜ਼ਾਂ ਵਾਲੇ ਕਾਨੂੰਨ ਲਾਗੂ ਕਰਕੇ ਕਿਸਾਨਾਂ ਦੇ ਗਲ ਫਾਂਸੀ ਦਾ ਫੰਦਾ ਪਾਇਆ ਜਾ ਰਿਹਾ ਹੈ, ਜਿਸ ਲਈ ਸ਼ਹੀਦ ਭਗਤ ਸਿੰਘ ਵਰਗੇ ਸ਼ਹੀਦਾਂ ਨੇ ਕੁਰਬਾਨੀਆਂ ਦਿੱਤੀਆਂ ਤੇ ਅਜਿਹੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਹੀਦ ਊਧਮ ਸਿੰਘ ਦੇ ਸ਼ਹਿਰ ਸੁਨਾਮ ਦੀ ਆਨਾਜ ਮੰਡੀ ਵਿੱਚ ਵੱਡਾ ਇਕੱਠ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕਿਰਤੀ ਲੋਕ, ਕਿਸਾਨ, ਮਜ਼ਦੂਰ, ਨੌਜਵਾਨ ਪਹੁੰਚ ਰਹੇ ਹਨ। ਇਸ ਰੈਲੀ ਨੂੰ ਕਿਸਾਨ ਆਗੂ ਗੁਰਮੇਲ ਸਿੰਘ ਕੈਂਪਰ, ਜਥੇਦਾਰ ਹਰਬੰਸ ਸਿੰਘ ਦਿੜ੍ਹਬਾ, ਮਿਸਰਾ ਸਿੰਘ ਨਿਹਾਲਗੜ੍ਹ, ਰਘਵੀਰ ਸਿੰਘ ਕੌਹਰੀਆਂ, ਨਿਹਾਲ ਸਿੰਘ ਸ਼ਾਦੀਹਰੀ, ਭੁਪਿੰਦਰ ਮਾਨ, ਗੁਰਮੀਤ ਸਿੰਘ ਢੰਡੋਲੀ ਆਦਿ ਆਗੂਆਂ ਨੇ ਸੰਬੋਧਨ ਕੀਤਾ।