ਪੰਜਾਬ ਦਾ ਬਹੁਪੱਖੀ ਵਿਕਾਸ ਜੰਗੀ ਪੱਧਰ ’ਤੇ ਜਾਰੀ: ਹਰਪਾਲ ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਬਹੁਪੱਖੀ ਵਿਕਾਸ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ ਅਤੇ ਨੌਜਵਾਨੀ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ। ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਵਿਕਾਸ ਲਈ ਕਰੀਬ ਇਕ ਹਜ਼ਾਰ ਕਰੋੜ ਰੁਪਏ ਬਜਟ ਵਿੱਚ ਰੱਖੇ ਗਏ ਹਨ। ਹਰਪਾਲ ਚੀਮਾ ਅੱਜ ਸਥਾਨਕ ਪੁਲੀਸ ਲਾਈਨ ਵਿੱਚ ਲਗਪਗ 24 ਲੱਖ 95 ਹਜ਼ਾਰ ਨਾਲ ਤਿਆਰ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਇਨ੍ਹਾਂ ਪ੍ਰਾਜੈਕਟਾਂ ਵਿੱਚ ਪੁਲੀਸ ਲਾਈਨ ’ਚ ਪੁਲੀਸ ਮਾਰਟੀਅਰਜ਼ ਮੈਮੋਰੀਅਲ ਸਟੇਡੀਅਮ ਦਾ ਸ਼ੈੱਡ, ਸਟੇਡੀਅਮ ਵਿੱਚ ਪੋਲ ਲਾਈਟਾਂ ਤੇ ਇੱਕ ਹੋਰ ਵੱਖਰਾ ਸ਼ੈੱਡ ਸ਼ਾਮਲ ਹੈ। ਇਸ ਦੇ ਨਾਲ 9.40 ਲੱਖ ਨਾਲ ਬੈਡਮਿਟਨ ਕੋਰਟ ਦੀ ਕਾਇਆ ਕਲਪ ਕੀਤੀ ਗਈ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵੱਲ ਸਾਬਤ ਕਦਮੀ ਅੱਗੇ ਵਧਿਆ ਜਾ ਰਿਹਾ ਹੈ। ਹਰ ਪਿੰਡ ਵਿੱਚ ਖੇਡ ਮੈਦਾਨ ਤੇ ਕਈ ਪਿੰਡਾਂ ਵਿੱਚ ਇੱਕ ਤੋਂ ਵੱਧ ਖੇਡ ਮੈਦਾਨ ਤੇ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਅਤੇ ਜ਼ਿਲ੍ਹਾ ਪੁਲੀਸ ਮੁਖੀ ਨੇ ਬੈਡਮਿੰਟਨ ਖੇਡਿਆ ਅਤੇ ਨਿਸ਼ਾਨੇਬਾਜ਼ੀ ਵੀ ਕੀਤੀ। ਇਸ ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਨਾਮਣਾ ਖੱਟਣ ਵਾਲੇ ਜ਼ਿਲ੍ਹੇ ਦੇ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ, ਐੱਸਪੀ (ਐੱਚ) ਦਿਲਪ੍ਰੀਤ ਸਿੰਘ, ਕੈਬਨਿਟ ਮੰਤਰੀ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਗੁਰਵਿੰਦਰ ਸਿੰਘ ਚੱਠਾ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਖਿਡਾਰੀ ਤੇ ਪਤਵੰਤੇ ਹਾਜ਼ਰ ਸਨ।