DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Municipal Corporation: ਪਟਿਆਲਾ ਦੇ 28 ਵਾਰਡਾਂ ਦੀ ਚੋਣ ਰੱਦ

ਸੁਪਰੀਮ ਕੋਰਟ ਵੱਲੋਂ ਚੋਣਾਂ ਮੁਡ਼ ਕਰਵਾਉਣ ਦੇ ਹੁਕਮ; ਵਿਰੋਧੀ ਧਿਰ ਨੇੇ ਫ਼ੈਸਲੇ ਦਾ ਸਵਾਗਤ ਕੀਤਾ

  • fb
  • twitter
  • whatsapp
  • whatsapp
featured-img featured-img
ਪਟਿਆਲਾ ਨਿਗਮ ਮੁੱਖ ਦਫ਼ਤਰ ਦੀ ਬਾਹਰੀ ਤਸਵੀਰ।
Advertisement

ਸੁਪਰੀਮ ਕੋਰਟ ਵੱਲੋਂ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਹੋਈ ਕਥਿਤ ਧਾਂਦਲੀ ਅਤੇ ਧੱਕੇਸ਼ਾਹੀ ਦੇ ਮਾਮਲੇ ਵਿੱਚ ਅਹਿਮ ਫ਼ੈਸਲਾ ਸੁਣਾਉਂਦਿਆਂ 28 ਵਾਰਡਾਂ ਦੀ ਚੋਣ ਰੱਦ ਕਰ ਦਿੱਤੀ ਗਈ ਹੈ। ਅਦਾਲਤ ਨਾਲ ਹੀ ਆਉਂਦੇ ਛੇ ਹਫ਼ਤਿਆਂ ਵਿੱਚ ਇਨ੍ਹਾਂ ਵਾਰਡਾਂ ਵਿੱਚ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਫ਼ੈਸਲੇ ਨਾਲ ਸ਼ਾਹੀ ਸ਼ਹਿਰ ਦੀ ਸਿਆਸਤ ਵਿੱਚ ਗਰਮਾ ਗਈ ਹੈ। ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਕੋਰਟ ਦੀ ਸਾਬਕਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਵਾਲੀ ਤੱਥ-ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਆਏ ਇਸ ਫ਼ੈਸਲੇ ਨਾਲ ‘ਆਪ’ ਦੇ ਕਈ ਸੀਨੀਅਰ ਆਗੂਆਂ ਦੀ ਚੋਣ ਰੱਦ ਹੋ ਗਈ ਹੈ। ਇਨ੍ਹਾਂ ਵਿੱਚ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਸ਼ਾਮਲ ਹਨ। ਇਸ ਤੋਂ ਇਲਾਵਾ ਭਾਜਪਾ ਦੇ ਸੂਬਾ ਯੂਥ ਪ੍ਰਧਾਨ ਅਨੁਜ ਖੋਸਲਾ, ਵੰਦਨਾ ਜੋਸ਼ੀ ਅਤੇ ਕਾਂਗਰਸੀ ਆਗੂ ਸੰਜੀਵ ਕਾਲੂ ਦੀ ਪਤਨੀ ਨੇਹਾ ਸ਼ਰਮਾ ਦੇ ਵਾਰਡਾਂ ਦੀ ਚੋਣ ਵੀ ਰੱਦ ਹੋਈ ਹੈ।

ਵਿਰੋਧੀ ਧਿਰਾਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਐਲਾਨ ਕੀਤਾ ਹੈ ਕਿ ਉਹ ਇਨ੍ਹਾਂ 28 ਵਾਰਡਾਂ ਵਿੱਚ ਆਪਣੇ ਉਮੀਦਵਾਰ ਪੂਰੇ ਜ਼ੋਰ-ਸ਼ੋਰ ਨਾਲ ਉਤਾਰਨਗੇ।

Advertisement

ਮਾਮਲੇ ਬਾਰੇ ਪੱਖ ਜਾਣਨ ਲਈ ਜਦੋਂ ਨਿਗਮ ਦੇ ਮੇਅਰ ਤੇ ‘ਆਪ’ ਆਗੂ ਕੁੰਦਨ ਗੋਗੀਆ ਨੂੰ ਕਾਲ ਕੀਤੀ ਤਾਂ ਉਨ੍ਹਾਂ ਫੋਨ ਕੱਟ ਦਿੱਤਾ| ਉੱਧਰ, ਜਿਨ੍ਹਾਂ ਆਗੂਆਂ ਦੀ ਚੋਣ ਰੱਦ ਹੋਈ ਹੈ, ਉਨ੍ਹਾਂ ਵਿੱਚੋਂ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਨੇ ਕਿਹਾ ਕਿ ਉਹ ਪੂਰੀ ਤਿਆਰੀ ਨਾਲ ਦੁਬਾਰਾ ਮੈਦਾਨ ਵਿੱਚ ਉਤਰਨਗੇ ਅਤੇ ਜਿੱਤ ਪ੍ਰਾਪਤ ਕਰਨਗੇ। ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਜਗਜੀਤ ਸਿੰੰਘ ਕੋਹਲੀ ਨੇ ਦੱਸਿਆ ਕਿ ਪਾਰਟੀ 28 ਵਾਰਡਾਂ ਵਿੱਚ ਉਮੀਦਵਾਰ ਉਤਾਰੇਗੀ| ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਜੇ ਹੁਣ ਵੋਟਿੰਗ ਪਾਰਦਰਸ਼ੀ ਹੋਈ ਤਾਂ ਉਨ੍ਹਾਂ ਦੀ ਪਾਰਟੀ ਚੋਣਾਂ ਵਿੱਚੋਂ ਬਹੁਮਤ ਹਾਸਲ ਕਰੇਗੀ|

Advertisement

ਮੋਹਿਤ ਮੋਹਿੰਦਰਾ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਪਟਿਆਲਾ (ਗੁਰਨਾਮ ਸਿੰਘ ਅਕੀਦਾ): ਪਟਿਆਲਾ ਨਗਰ ਨਿਗਮ ਦੇ ਚੋਣ ਮਾਮਲੇ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਇਤਿਹਾਸਕ ਫ਼ੈਸਲੇ ਦਾ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਸਵਾਗਤ ਕਰਦਿਆਂ ਇਸ ਨੂੰ ਪਟਿਆਲਾ ਵਾਸੀਆਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਮਾਮਲੇ ਵਿੱਚ ਗੰਭੀਰਤਾ ਦਿਖਾਉਂਦਿਆਂ ਜਿਨ੍ਹਾਂ ਵਾਰਡਾਂ ਵਿੱਚ ਚੋਣ ਪ੍ਰਕਿਰਿਆ ਨੂੰ ਗ਼ੈਰ-ਕਾਨੂੰਨੀ ਪਾਇਆ ਗਿਆ ਹੈ, ਉੱਥੇ ਛੇ ਹਫ਼ਤਿਆਂ ਦੇ ਅੰਦਰ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਟਿਆਲਾ ਵਾਸੀਆਂ ਦੇ ਲੋਕਤੰਤਰੀ ਹੱਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦੀ ਇੱਛਾ ਅਨੁਸਾਰ ਹੀ ਕਾਂਗਰਸ ਪਾਰਟੀ ਆਪਣੀ ਅਗਲੀ ਰਣਨੀਤੀ ਤੈਅ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਛੇ ਹਫ਼ਤਿਆਂ ਵਿੱਚ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਸਰਕਾਰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਏਗੀ।

Advertisement
×