ਰਾਜਿੰਦਰ ਜੈਦਕਾ
ਅਮਰਗੜ੍ਹ, 31 ਜਨਵਰੀ
ਹਿੰਦੂ ਜਥੇਬੰਦੀਆਂ ਦੇ ਮੈਂਬਰ ਅੱਜ ਜਦੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਪ੍ਰਧਾਨ ਹਰੀਸ਼ ਸਿੰਗਲਾ, ਗਊ ਰਖਸ਼ਾ ਦਲ ਦੇ ਪ੍ਰਧਾਨ ਸਤੀਸ਼ ਕੁਮਾਰ ਤੇ ਬਜਰੰਗ ਦੇ ਦੇ ਪ੍ਰਧਾਨ ਹਿਤੇਸ਼ ਭਾਰਦਵਾਜ ਦੀ ਅਗਵਾਈ ਹੇਠ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਮਾਹੋਰਾਣਾ ਟੌਲ ਪਲਾਜ਼ਾ ’ਤੇ ਰੋਕ ਲਿਆ ਗਿਆ। ਆਗੂਆਂ ਨੇ ਮੁਹੰਮਦ ਮੁਸਤਫ਼ਾ, ਪੰਜਾਬ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਧਾਨ ਹਰੀਸ਼ ਸਿੰਗਲਾ ਨੇ ਦੱਸਿਆ ਕਿ ਮੁਹੰਮਦ ਮੁਸਤਫਾ ਨੇ ਹਿੰਦੂਆਂ ਖਿਲਾਫ਼ ਗਲਤ ਟਿੱਪਣੀ ਕਰਕੇ ਦੇਸ਼ ਤੇ ਸਮਾਜ ਨੂੰ ਤੋੜਣ ਦੀ ਗੱਲ ਕਰਕੇ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਭੜਕਾਇਆ ਹੈ ਜਿਸ ਨੂੰ ਬਖਸ਼ਿਆ ਨਹੀਂ ਜਾ ਸਕਦਾ। ਉਸ ਖ਼ਿਲਾਫ਼ ਕੇਸ ਵੀ ਦਰਜ ਹੋ ਚੁੱਕਿਆ ਹੈ ਪਰ ਗ੍ਰਿਫਤਾਰੀ ਨਹੀਂ ਕੀਤੀ ਜਾ ਰਹੀ।
ਟੌਲ ਪਲਾਜ਼ਾ ਮਾਹੋਰਾਣਾ ਵਿੱਚ ਪੁਲੀਸ ਨੇ ਡੀਐੱਸਪੀ ਸੰਦੀਪ ਵਡੇਰਾ ਤੇ ਡੀਐੱਸਸੀ ਸੌਰਵ ਜਿੰਦਲ ਦੀ ਅਗਵਾਈ ਹੇਠ ਹਿੰਦੂ ਜਥੇਬੰਦੀਆਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਬੈਰੀਕੇਡ ਲਗਾ ਕੇ ਸੜਕ ਬੰਦ ਕਰਕੇ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਸੀ। ਜਲ ਤੋਪਾਂ ਤੇ ਹੋਰ ਪ੍ਰਬੰਧ ਕੀਤੇ ਹੋਏ ਸਨ। ਆਗੂਆਂ ਨੇ ਪੁਲੀਸ ਪ੍ਰਸ਼ਾਸਨ ਤੇ ਸਾਬਕਾ ਡੀਜੀਪੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕਰਦਿਆਂ ਪੱਤਰ ਪੁਲੀਸ ਪ੍ਰਸ਼ਾਸਨ ਨੂੰ ਸੌਂਪਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਸ ਨੂੰ ਤਰੁੰਤ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਹਿੰਦੂ ਜਥੇਬੰਦੀਆਂ ਵੱਲੋਂ ਹਰ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।