ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਅਗਸਤ
ਪੰਜਾਬ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ 14 ਹੋਰ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਦੇ ਨਾਂ ’ਤੇ ਰੱਖੇ ਹਨ ਤਾਂ ਜੋ ਸ਼ਹੀਦਾਂ ਨੂੰ ਬਣਦਾ ਸਨਮਾਨ ਦਿੱਤਾ ਜਾ ਸਕੇ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਕੂਲਾਂ ਦੇ ਨਾਮ ਬਦਲਣ ਦਾ ਉਦੇਸ਼ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨਾ ਹੈ, ਜਿਨ੍ਹਾਂ ਨੇ ਸਾਡੇ ਦੇਸ਼ ਦੇ ਹਿੱਤਾਂ ਅਤੇ ਤਰੱਕੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਹਾਈ ਸਕੂਲ ਸਤੌਜ ਦਾ ਨਾਂ ਸ਼ਹੀਦ ਹੌਲਦਾਰ ਜਗਸੀਰ ਸਿੰਘ ਸਰਕਾਰੀ ਹਾਈ ਸਕੂਲ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦਲਿਤ ਬਸਤੀ ਬੀਨੇਵਾਲ ਦਾ ਨਾਂ ਡਾ. ਬੀ.ਆਰ. ਅੰਬੇਡਕਰ ਸਰਕਾਰੀ ਐਲੀਮੈਂਟਰੀ ਸਕੂਲ, ਇਸੇ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਨੇਵਾਲ ਦਾ ਨਾਂ ਸ਼ਹੀਦ ਬਲਦੇਵ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦਾ ਨਾਂ ਸ਼ਹੀਦ ਰਣਜੀਤ ਸਿੰਘ ਸ਼ੌਰਿਆ ਚੱਕਰ ਵਿਜੇਤਾ ਸਰਕਾਰੀ ਪ੍ਰਾਇਮਰੀ ਸਕੂਲ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮੱਛਰਾਏ ਕਲਾਂ ਦਾ ਨਾਂ ਸ਼ਹੀਦ ਅਤਰ ਸਿੰਘ ਸ਼ਹੀਦ ਜਵਾਹਰ ਸਿੰਘ ਸਰਕਾਰੀ ਮਿਡਲ, ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵੀਲਾ ਤੇਜਾ ਦਾ ਨਾਂ ਆਜ਼ਾਦੀ ਘੁਲਾਟੀਆ ਸੁਰੈਣ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਮਿਡਲ ਸਕੂਲ ਬਰਨਾਲਾ ਦਾ ਨਾਂ ਸ਼ਹੀਦ ਗੁਰਮੇਲ ਸਿੰਘ ਸਰਕਾਰੀ ਮਿਡਲ ਸਕੂਲ ਰੱਖਿਆ ਗਿਆ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਮੋਗਾ, ਪਠਾਨਕੋਟ, ਪਟਿਆਲਾ, ਐੱਸ.ਏ.ਐੱਸ. ਨਗਰ, ਤਰਨ ਤਾਰਨ, ਸ੍ਰੀ ਮੁਕਤਸਰ ਸਾਹਿਬ ਦੇ ਸਕੂਲਾਂ ਦੇ ਨਾਂ ਵੀ ਸ਼ਹੀਦਾਂ ਦੇ ਨਾਂ ’ਤੇ ਰੱਖੇ ਗਏ ਹਨ।