ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 21 ਸਤੰਬਰ
ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਤੋਂ ਨਿਜਾਤ ਪਾਉਣ ਲਈ ਇਸ ਨਾਲ ਜੁੜੇ ਵਿਭਾਗ ਸਬੰਧਤ ਅਦਾਰਿਆਂ ਨਾਲ ਮਿਲ ਕੇ ਸਾਂਝੀ ਰਣਨੀਤੀ ਉਲੀਕਣ ਤਾਂ ਜੋ ਲੋਕ ਲਹਿਰ ਪੈਦਾ ਕਰਕੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ। ਇਹ ਗੱਲ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕਤਾ ਪੈਦਾ ਕਰਨ ਲਈ ਸਬੰਧਿਤ ਵਿਭਾਗਾਂ ਦੀ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਸਭ ਦਾ ਫ਼ਰਜ਼ ਹੈ ਕਿ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਕਿਸਾਨਾਂ ਨੂੰ ਸੁਚੇਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੀ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀ ਖੇਤੀ ਮਸ਼ੀਨਰੀ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਕਿਸਾਨਾਂ ਨੂੰ ਸਬਸਿਡੀ ’ਤੇ ਖੇਤੀ ਮਸ਼ੀਨਰੀ ਦੀ ਖ਼ਰੀਦ ਲਈ 14 ਦਿਨ ਦਾ ਸਮਾਂ ਹੋਰ ਵਧਾਇਆ ਗਿਆ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਐਪ “ਆਈ-ਖੇਤ ਪੰਜਾਬ” ਸਬੰਧੀ ਤੇ ਪਰਾਲੀ ਦੇ ਸਹੀ ਨਿਪਟਾਰੇ ਲਈ ਕਿਸਾਨਾਂ ਨੂੰ ਪਿੰਡ ਪੱਧਰ ’ਤੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ’ਚ ਵੀ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤਾ ਪੈਦਾ ਕਰਨ ਤਾਂ ਜੋ ਵਿਦਿਆਰਥੀ ਪਰਾਲੀ ਨਾ ਸਾੜਨ ਦਾ ਸੁਨੇਹਾ ਆਪਣੇ ਘਰ ਤੱਕ ਲੈ ਕੇ ਜਾਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਉੱਤੇ ਲਗਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਤੇ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਇੰਨ ਬਿਨ ਯਕੀਨੀ ਬਣਾਉਣ ਤੇ ਜ਼ਿਲ੍ਹੇ ’ਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ। ਵਰਚੂਅਲ ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਿਸ ਰਾਜਦੀਪ ਕੌਰ, ਐਸ.ਡੀ.ਐਮ. ਮਾਲੇਰਕੋਟਲਾ ਕਰਨਦੀਪ ਸਿੰਘ, ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਿੰਪੀ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਵੀ ਹਾਜ਼ਰ ਸਨ।