Nishat Akhtar Named Punjab's Best Congress District President: ਨਿਸ਼ਾਤ ਅਖ਼ਤਰ ਸੂਬੇ ਦੀ ਸਰਵੋਤਮ ਜ਼ਿਲ੍ਹਾ ਪ੍ਰਧਾਨ ਐਲਾਨੀ
ਏ ਆਈ ਸੀ ਸੀ ਦੇ ਜਨਰਲ ਸਕੱਤਰ ਬਘੇਲ ਵੱਲੋਂ ਕਾਰਗੁਜ਼ਾਰੀ ਦੀ ਸ਼ਲਾਘਾ
ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਵੱਲੋਂ ਪੰਜਾਬ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਦੀ ਜਥੇਬੰਦਕ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਮਾਲੇਰਕੋਟਲਾ ਦੀ ਪ੍ਰਧਾਨ ਨਿਸ਼ਾਤ ਅਖ਼ਤਰ ਨੂੰ ਪੰਜਾਬ ਦੀ ਸਰਬੋਤਮ ਜ਼ਿਲ੍ਹਾ ਪ੍ਰਧਾਨ ਐਲਾਨਿਆ ਗਿਆ ਹੈ। ਪਾਰਟੀ ਇੰਚਾਰਜ ਵੱਲੋਂ ਜਿਹੜੇ ਹੋਰ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ, ਉਨ੍ਹਾਂ ਵਿੱਚ ਜ਼ਿਲ੍ਹਾ ਕਾਂਗਰਸ ਮਾਨਸਾ ਦੇ ਪ੍ਰਧਾਨ ਕੁਲਵੰਤ ਸਿੰਗਲਾ, ਗੁਰਸ਼ਰਨ ਕੌਰ ਰੰਧਾਵਾ ਜ਼ਿਲ੍ਹਾ ਪ੍ਰਧਾਨ ਪਟਿਆਲਾ, ਅਸ਼ਵਨੀ ਸ਼ਰਮਾ ਜ਼ਿਲ੍ਹਾ ਪ੍ਰਧਾਨ ਰੋਪੜ ਅਤੇ ਸੌਰਭ ਮਦਾਨ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਅਰਬਨ ਸ਼ਾਮਲ ਹਨ। ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ’ਚ ਹੋਈ ਜ਼ਿਲ੍ਹਾ ਪ੍ਰਧਾਨਾਂ ਦੀ ਜਥੇਬੰਦਕ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਸ੍ਰੀ ਬਘੇਲ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਬੀਬਾ ਨਿਸ਼ਾਤ ਅਖ਼ਤਰ ਵੱਲੋਂ ਪਿੰਡ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਕੰਮਾਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਗਈ। ਪੰਜਾਬ ਦੀ ਸਰਵੋਤਮ ਜ਼ਿਲ੍ਹਾ ਪ੍ਰਧਾਨ ਐਲਾਨੇ ਜਾਣ ਲਈ ਪਾਰਟੀ ਹਾਈ ਕਮਾਂਡ ਅਤੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦਾ ਧੰਨਵਾਦ ਕਰਦਿਆਂ ਨਿਸ਼ਾਤ ਅਖ਼ਤਰ ਨੇ ਕਿਹਾ ਕਿ ਇਹ ਜ਼ਿਲ੍ਹੇ ਦੇ ਸਾਰੇ ਆਗੂਆਂ ਅਤੇ ਵਰਕਰਾਂ ਦੇ ਭਰਵੇਂ ਸਹਿਯੋਗ ਸਦਕਾ ਹੀ ਸੰਭਵ ਹੋ ਸਕਿਆ ਹੈ। ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਲਈ ਨਿਸ਼ਾਤ ਅਖਤਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਸਨਮਾਨ ਨਾਲ ਕਾਂਗਰਸੀ ਵਰਕਰਾਂ ਦਾ ਮਨੋਬਲ ਹੋਰ ਮਜ਼ਬੂਤ ਹੋਇਆ ਹੈ।

