ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ: ਹਰਪ੍ਰੀਤ ਸਿੰਘ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਡੀ ਸੀ ਦਫ਼ਤਰ ਅੱਗੇ ਧਰਨਾ ਲਿਆ। ਇਸ ਮੌਕੇ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ...
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਡੀ ਸੀ ਦਫ਼ਤਰ ਅੱਗੇ ਧਰਨਾ ਲਿਆ। ਇਸ ਮੌਕੇ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਅਤੇ ਸਮਾਣਾ ਟਾਵਰ ਮੋਰਚੇ ਦੀ ਹਮਾਇਤ ਵਿੱਚ ਵੀ ਆਵਾਜ਼ ਬੁਲੰਦ ਕੀਤੀ ਗਈ। ਧਰਨੇ ’ਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਮੇਤ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਹਾਜ਼ਰ ਰਹੀ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਥ ਦੇ ਖੈਰ-ਖਵਾਹ ਅਖਵਾਉਣ ਵਾਲਿਆਂ ਨੇ ਹੀ ਸਭ ਤੋਂ ਵੱਧ ਬੇੜਾ ਗਰਕ ਕੀਤਾ ਅਤੇ ਦੋਸ਼ੀਆਂ ਦੀ ਪੁਸ਼ਤਪਨਾਹੀ ਕੀਤੀ। ਉਨ੍ਹਾਂ ਸੁਖਬੀਰ ਸਿੰਘ ਬਾਦਲ ’ਤੇ ਪੰਥ ਅਤੇ ਧਰਮ ਤੋਂ ਭਗੌੜੇ ਹੋਣ ਦਾ ਦੋਸ਼ ਲਾਇਆ।
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਪੱਸ਼ਟ ਕੀਤਾ ਕਿ ਸਿੱਖ ਸਿਧਾਂਤਾਂ ਅਤੇ ਰਵਾਇਤਾਂ ਨੂੰ ਢਾਹ ਲਾ ਕੇ ਸਿਆਸਤ ਕਰਨ ਵਾਲੇ ਕਦੇ ਕਾਮਯਾਬ ਨਹੀਂ ਹੋ ਸਕਦੇ। ਅਕਾਲ ਤਖਤ ਅੱਗੇ ਪਿੱਠ ਦਿਖਾਉਣ ਵਾਲਿਆਂ ਹੱਥ ਨਿਰਾਸ਼ਾ ਹੀ ਲਗਦੀ ਹੈ। ਉਨ੍ਹਾਂ ਚੇਤੇ ਕਰਵਾਇਆ ਕਿ ਬਰਗਾੜੀ ਮੋਰਚੇ ਖ਼ਿਲਾਫ਼ ਵੀ ਸੁਖਬੀਰ ਸਿੰਘ ਬਾਦਲ ਨੇ ਰੈਲੀ ਕੀਤੀ ਸੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦਾ ਪਹਿਲਾ ਅਜਿਹਾ ਪ੍ਰਧਾਨ ਹੈ, ਜਿਹੜਾ ਅਕਾਲ ਤਖ਼ਤ ਤੋਂ ਭਗੌੜਾ ਹੋਇਆ। ਅੱਜ ਸਿੱਖ ਕੌਮ ਬਾਦਲ ਦੀਆਂ ਬੱਜਰ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੀ ਹੈ। ਇਸ ਮੌਕੇ ਬਾਬੂ ਪ੍ਰਕਾਸ਼ ਚੰਦ ਗਰਗ, ਤੇਜਾ ਸਿੰਘ ਕਮਾਲਪੁਰ, ਸੁਖਵੰਤ ਸਿੰਘ ਸਰਾਓ, ਰਾਮਪਾਲ ਸਿੰਘ ਬਹਿਣੀਵਾਲ, ਰਿਪੁਦਮਨ ਸਿੰਘ ਢਿੱਲੋਂ, ਹਰਦੇਵ ਸਿੰਘ ਰੋਗਲਾ ਤੇ ਹੋਰ ਵੀ ਹਾਜ਼ਰ ਸਨ।
ਬੇਰੁਜ਼ਗਾਰਾਂ ਦੇ ਪੱਕੇ ਮੋਰਚੇ ’ਚ ਪੁੱਜੀ ਲੀਡਰਸ਼ਿਪ
ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਬੇਰੁਜ਼ਗਾਰਾਂ ਦੇ 96 ਦਿਨਾਂ ਤੋਂ ਚੱਲ ਰਹੇ ਸੂਬਾ ਪੱਧਰੀ ਬੇਮਿਆਦੀ ਪੱਕੇ ਮੋਰਚੇ ਦੀ ਹਮਾਇਤ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਪੁੱਜੇ। ਇਸ ਦੌਰਾਨ ਆਗੂਆਂ ਨੇ ਮੋਰਚੇ ’ਤੇ ਬੈਠੇ ਬੇਰੁਜ਼ਗਾਰ ਲੜਕੇ-ਲੜਕੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਬਾਰੇ ਜਾਣਿਆ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਗਗਨਦੀਪ ਕੌਰ ਗਰੇਵਾਲ, ਅਮਨਦੀਪ ਕੌਰ ਅਤੇ ਰਾਜਵੀਰ ਕੌਰ ਨੇ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਆਗੂਆਂ ਨੂੰ ਦੱਸਿਆ ਕਿ ਉਹ 25 ਦਸੰਬਰ 2025 ਤੋਂ ਮੁੱਖ ਮੰਤਰੀ ਦੇ ਸ਼ਹਿਰ ਵਿਚ ਦਿਨ-ਰਾਤ ਦੇ ਪੱਕੇ ਮੋਰਚੇ ’ਤੇ ਬੈਠੇ ਹਨ ਪਰ ਸੱਤਾਧਾਰੀ ਪਾਰਟੀ ਵਲੋਂ ਸਾਰ ਨਹੀਂ ਲਈ ਜਾ ਰਹੀ। ਵਾਅਦਾ ਕਰਨ ਦੇ ਬਾਵਜੂਦ ਵੀ ਬੇਰੁਜ਼ਗਾਰਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਪੰਜਾਬ ਦੇ ਧੀਆਂ-ਪੁੱਤਾਂ ਨੂੰ ਰੁਜ਼ਗਾਰ ਲਈ ਸੜਕਾਂ ’ਤੇ ਰੁਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਸਮੇਤ ਸਾਰੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਬੇਰੁਜ਼ਗਾਰਾਂ ਦਾ ਸਾਥ ਦੇਣ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਮਿਲ ਸਕੇ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ ਕਿ ਪੰਜਾਬ ਦੀ ਨੌਜਵਾਨੀ ਨੂੰ ਪੰਜਾਬ ਅੰਦਰ ਹੀ ਯੋਗਤਾ ਅਨੁਸਾਰ ਰੁਜ਼ਗਾਰ ਦੇਵੇ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ 63 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕਰਦੀ ਹੈ ਪਰ 96 ਦਿਨਾਂ ਤੋਂ ਮੁੱਖ ਮੰਤਰੀ ਦੇ ਸ਼ਹਿਰ ਵਿਚ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਇਸ ਦਾਅਵੇ ਨੂੰ ਝੁਠਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਬੇਰੁਜ਼ਗਾਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈ ਕੇ ਯੋਗਤਾ ਅਨੁਸਾਰ ਰੁਜ਼ਗਾਰ ਦੇਣਾ ਚਾਹੀਦਾ ਹੈ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਬੂ ਪ੍ਰਕਾਸ਼ ਚੰਦ ਗਰਗ ਅਤੇ ਤੇਜਾ ਸਿੰਘ ਕਮਾਲਪੁਰ ਨੇ ਬੇਰੁਜ਼ਗਾਰਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।

