ਖੇਤਰੀ ਪ੍ਰਤੀਨਿਧ
ਧੂਰੀ, 17 ਸਤੰਬਰ
ਖੰਡ ਮਿੱਲ ਵੱਲ ਰਹਿੰਦੀ ਬਕਾਇਆ ਅਦਾਇਗੀ ਦੀ ਮੰਗ ਨੂੰ ਲੈ ਕੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਵੱਲੋਂ ਖੰਡ ਮਿੱਲ ਅੰਦਰ ਸ਼ੁਰੂ ਕੀਤਾ ਧਰਨਾ ਅੱਜ ਜਿੱਥੇ ਚੌਥੇ ਦਿਨ ਵੀ ਜਾਰੀ ਰਿਹਾ। ਉਥੇ ਹੀ ਖੰਡ ਮਿੱਲ ਦੀ ਚਿਮਨੀ ’ਤੇ ਚੜ੍ਹੇ 2 ਗੰਨਾ ਕਾਸ਼ਤਕਾਰਾਂ ਵੱਲੋਂ ਕੀਤੀ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਭਾਵੇਂ ਪ੍ਰਸ਼ਾਸਨ ਵੱਲੋਂ ਲੰਘੀ ਦੇਰ ਸ਼ਾਮ ਖੰਡ ਮਿੱਲ ਦੀ ਜ਼ਮੀਨ ਦੀ ਨਿਲਾਮੀ ਸਬੰਧੀ ਜਾਰੀ ਕੀਤਾ ਗਿਆ ਨੋਟਿਸ ਅੱਜ ਖੰਡ ਮਿੱਲ ਦੇ ਦਰਵਾਜ਼ਿਆਂ ’ਤੇ ਲੱਗਾ ਦਿੱਤਾ ਗਿਆ ਤੇ ਬੋਲੀ ਵਾਲੀ ਜ਼ਮੀਨ ਦੀ ਨਿਸ਼ਾਨਦੇਹੀ ਵੀ ਕਰਵਾ ਦਿੱਤੀ ਗਈ ਪਰ ਗੰਨਾ ਕਾਸ਼ਤਕਾਰ ਆਪਣੀ ਰਹਿੰਦੀ ਸਾਰੀ ਅਦਾਇਗੀ ਹੋਣ ਤੱਕ ਆਪਣਾ ਪ੍ਰਦਰਸ਼ਨ ਜਾਰੀ ਰੱਖਣ ਦੇ ਰੋਹ ’ਚ ਹਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਘਰਸ਼ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਬੁਗਰਾ ਨੇ ਦੱਸਿਆ ਕਿ ਭਾਵੇਂ ਪ੍ਰਸ਼ਾਸਨ ਵੱਲੋਂ 20 ਸਤੰਬਰ ਨੂੰ ਖੰਡ ਮਿੱਲ ਦੀ ਜ਼ਮੀਨ ਦੀ ਨਿਲਾਮੀ ਕਰਵਾ ਕੇ ਕਿਸਾਨਾਂ ਦੀ ਖੰਡ ਮਿੱਲ ਵੱਲ ਰਹਿੰਦੀ ਬਕਾਇਆ ਅਦਾਇਗੀ ਕਰਵਾਉਣ ਦੀ ਗੱਲ ਕੀਤੀ ਜਾ ਰਹੀ ਹੈ ਪਰ ਅਦਾਇਗੀ ਹੋਣ ਤੱਕ ਉਹ ਸੰਘਰਸ਼ ਨੂੰ ਜਾਰੀ ਰੱਖਣਗੇ ਤੇ ਜੇ ਪ੍ਰਸ਼ਾਸਨ ਜਾਂ ਮਿੱਲ ਮਾਲਕਾਂ ਵੱਲੋਂ 14 ਸਤੰਬਰ ਨੂੰ ਰੱਖੀ ਗਈ ਨਿਲਾਮੀ ਦੀ ਤਰ੍ਹਾਂ ਕੋਈ ਵੀ ਚਾਲ ਖੇਡਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਤਹਿਸੀਲਦਾਰ ਕੁਲਦੀਪ ਸਿੰਘ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਖੰਡ ਮਿੱਲ ਪ੍ਰਬੰਧਕਾਂ ਵੱਲੋਂ ਅੱਜ ਕੁਝ ਰਕਮ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ’ਚ ਪਾਈ ਗਈ ਹੈ, ਪਰ ਪ੍ਰਸ਼ਾਸਨ ਵੱਲੋਂ ਖੰਡ ਮਿੱਲ ਦੀ ਜ਼ਮੀਨ ਦੀ ਨਿਲਾਮੀ ਸਬੰਧੀ ਨੋਟਿਸ ਜਾਰੀ ਕਰਕੇ ਖੰਡ ਮਿੱਲ ਅੱਗੇ ਲਗਾ ਦਿੱਤਾ ਗਿਆ ਹੈ ਤੇ 20 ਸਤੰਬਰ ਨੂੰ ਹੋਣ ਵਾਲੀ ਇਸ ਬੋਲੀ ਵਾਲੀ ਜ਼ਮੀਨ ਦੀ ਨਿਸ਼ਾਨਦੇਹੀ ਵੀ ਕਰਵਾ ਦਿੱਤੀ ਗਈ ਹੈ।