ਨਿਜੀ ਪੱਤਰ ਪ੍ਰੇਰਕ
ਸੰਗਰੂਰ, 6 ਅਪਰੈਲ
ਨਾਗਰਿਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸੇਵਾ ਕੇਂਦਰਾਂ ਵਿੱਚ ਕੰਮ ਕਾਜ ਅਤੇ ਸਮੇਂ ਵਿੱਚ 7 ਅਪਰੈਲ ਤੋਂ ਤਬਦੀਲੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨਿੱਚਰਵਾਰ ਤੇ ਐਤਵਾਰ ਨੂੰ ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜਨਤਾ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਲਈ ਖੁੱਲ੍ਹੇ ਰਹਿਣਗੇ। ਡੀਸੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਇਹ ਸੇਵਾ ਕੇਂਦਰ ਸਹਾਈ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੰਮਕਾਜੀ ਵਿਅਕਤੀ ਅਕਸਰ ਹੀ ਸੇਵਾ ਕੇਂਦਰਾਂ ਨੂੰ ਸ਼ਨਿਚਰਵਾਰ ਅਤੇ ਐਤਵਾਰ ਖੋਲ੍ਹਣ ਦੀ ਮੰਗ ਕਰਦੇ ਹਨ, ਕਿਉਂਕਿ ਉਨ੍ਹਾਂ ਨੂੰ ਆਪਣੇ ਕੰਮਕਾਰ ਲਈ ਛੁੱਟੀ ਲੈਣੀ ਪੈਂਦੀ ਹੈ ਅਤੇ ਆਮ ਲੋਕਾਂ ਦੀ ਇਸ ਮੁਸ਼ਕਿਲ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।