NRSM Checking- ਮਾਲੇਰਕੋਟਲਾ ’ਚ ਕੌਮੀ ਸੜਕ ਸੁਰੱਖਿਆ ਮਹੀਨਾ-2026 ਤਹਿਤ ਚੈਕਿੰਗ
19 ਵਾਹਨਾਂ ਦੇ ਕੱਟੇ ਚਲਾਨ, ਚਾਰ ਲੱਖ 45 ਹਜ਼ਾਰ ਵਸੂਲਿਆ ਜੁਰਮਾਨਾ- ਬਾਂਸਲ
ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਆਦੇਸ਼ਾਂ ਅਨੁਸਾਰ ਕੌਮੀ ਸੜਕ ਸੁਰੱਖਿਆ ਮਹੀਨਾ-2026 ਤਹਿਤ ਵਾਹਨਾਂ ਦੀ ਚੈਕਿੰਗ ਕੀਤੀ ਗਈ। ਅਧਿਕਾਰੀਆਂ ਮੁਤਾਬਕ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖਾਸ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਆਵਾਜਾਈ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਸੜਕੀ ਹਾਦਸਿਆਂ ਨੂੰ ਘਟਾਉਣਾ ਹੈ।
ਇਸੇ ਤਹਿਤ ਖੇਤਰੀ ਟਰਾਂਸਪੋਰਟ ਅਫ਼ਸਰ ਕਮ ਐੱਸ.ਡੀ.ਐੱਮ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਟਰੈਫਿਕ ਪੁਲੀਸ ਦੇ ਸਹਿਯੋਗ ਨਾਲ ਟੂਰਿਸਟ ਬੱਸਾਂ, ਓਵਰਲੋਡ ਤੇ ਭਾਰੀ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਬਾਂਸਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 19 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਲਗਪਗ 4 ਲੱਖ 45 ਹਜ਼ਾਰ ਰੁਪਏ ਜੁਰਮਾਨੇ ਵਜੋਂ ਵਸੂਲ ਕੀਤੇ ਗਏ।
ਉਨ੍ਹਾਂ ਨੇ ਦੱਸਿਆ ਕਿ ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡਰਾਈਵਰਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ, ਵਾਹਨਾਂ ਦੀਆਂ ਲਾਈਟਾਂ ਅਤੇ ਰਿਫ਼ਲੈਕਟਰ ਠੀਕ ਹਾਲਤ ਵਿੱਚ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਟਰੈਕਟਰ-ਟਰਾਲੀਆਂ, ਟਰੱਕਾਂ, ਕਾਰਾਂ ਅਤੇ ਹੋਰ ਵਾਹਨਾਂ ’ਤੇ ਰਿਫ਼ਲੈਕਟਰ ਵੀ ਲਗਾਏ ਗਏ ਹਨ ਤਾਂ ਜੋ ਹਾਦਸਿਆਂ ਤੋਂ ਬਚਿਆ ਜਾ ਸਕੇ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਟਰੱਕ ਯੂਨੀਅਨਾਂ ਅਤੇ ਟੈਕਸੀ ਸਟੈਂਡਾਂ ’ਤੇ ਜਾ ਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਸੜਕਾਂ ’ਤੇ ਚਲਦਿਆਂ ਨਿਯਮਾਂ ਦੀ ਪਾਲਣਾ ਕਰਕੇ ਸ਼ਹਿਰ ਨੂੰ ਸੁਰੱਖਿਅਤ ਬਣਾਇਆ ਜਾਵੇ।

