ਨਿਜੀ ਪੱਤਰ ਪ੍ਰੇਰਕ
ਸੰਗਰੂਰ, 22 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਮੁਲਾਜ਼ਮਾਂ ਵਲੋਂ ਕਲਮਛੋੜ ਹੜਤਾਲ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਹੜਤਾਲੀ ਮੁਲਾਜ਼ਮਾਂ ਵਲੋਂ ਇਥੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਅੱਗੇ ਰੋਸ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ। ਇਥੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਅੱਗੇ ਰੋਸ ਧਰਨੇ ਦੌਰਾਨ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ ਅਤੇ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਨੇ ਸਰਕਾਰ ’ਤੇ ਦੋਸ਼ ਲਗਾਉਂਦਿਆ ਕਿਹਾ ਗਿਆ ਕਿ ਸਰਕਾਰ ਆਪਣੇ ਮੰਤਰੀਆਂ/ਵਿਧਾਇਕਾਂ ਨੂੰ ਨਵੀਆਂ ਗੱਡੀਆਂ ਅਤੇ ਹੋਰ ਸੁੱਖ ਸਹੂਲਤਾਂ ਦੇਣ ਵੇਲੇ ਖਜ਼ਾਨਾ ਪਤਾ ਨਹੀਂ ਕਿੱਥੋਂ ਭਰ ਲੈਂਦੀ ਹੈ ਜਦਕਿ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਸਮੇਂ ਸੂਬੇ ਦੇ ਵਿੱਤ ਮੰਤਰੀ ਦਾ ਇੱਕੋ ਬਿਆਨ ਕਿ ਖਜ਼ਾਨਾ ਖਾਲੀ ਹੈ, ਸੁਣਾ ਦਿੱਤਾ ਜਾਂਦਾ ਹੈ, ਆਗੂਆਂ ਨੇ ਅੱਗੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਹਿ ਰਹੇ ਹਨ ਕਿ ਸਰਕਾਰ ਦਾ ਖਜ਼ਾਨਾ ਭਰਿਆ ਹੋਇਆ ਹੈ ਤਾਂ ਫੇਰ ਸਰਕਾਰ ਮੁਲਾਜ਼ਮਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਿਉਂ ਨਹੀਂ ਕਰਦੀ। ਆਗੂਆਂ ਨੇ ਅੱਗੇ ਕਿਹਾ ਕਿ ਸੂਬੇ ਦੇ 8 ਲੱਖ ਦੇ ਕਰੀਬ ਮੁਲਾਜ਼ਮ ਤੇ ਪੈਨਸ਼ਨਰ ਇਸ ਧੋਖੇ ਦਾ ਜਵਾਬ ਦੇਣ ਲਈ ਕਮਰਕੱਸ ਚੁੱਕੇ ਹਨ ਅਤੇ ਅਗਰ ਸਰਕਾਰ ਨੇ ਅਜੇ ਵੀ ਹੱਕੀ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਸੂਬੇ ਦਾ ਸਮੁੱਚਾ ਮੁਲਾਜਮ ਦਫਤਰਾਂ ਨੂੰ ਜਿੰਦੇ ਲਾ ਕੇ ਕੈਬਨਿਟ ਮੰਤਰੀਆਂ ਤੇ ਐਮਐਲਏਜ ਦੇ ਘਰਾਂ ਮੂਹਰੇ ਡੇਰੇ ਲਾਉਣ ਲਈ ਮਜਬੂਰ ਹੋਵੇਗਾ।